ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥
ਜੇ ਸਉ ਵਰ੍ਹ੍ਹਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥
ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥
ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥
ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥
ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥
ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥
ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥
ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥
ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥
ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥
ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥
ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥
ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥
ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥
ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥
ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥
ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥
ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥
ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥
ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥
ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥
ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥
*ਮਃ ੩ ॥*
ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥
ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥
ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥
ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥
ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥
ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥
ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥
ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥
ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥
ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥
ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥
ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥
ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥
ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥
1381
ਸਾਈ ਜਾਇ ਸਮਾ੍ਲਿ ਜਿਥੈ ਹੀ ਤਉ ਵੰਞਣਾ ॥੫੮॥
ਫਰੀਦਾ ਜਿਨੀ੍ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥
ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥
ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥
ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥
ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥
ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥
ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥
ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥
ਚਿੰਜੂ ਬੋੜਨਿ੍ ਨਾ ਪੀਵਹਿ ਉਡਣ ਸੰਦੀ ਡੰਝ ॥੬੪॥
ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥
ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥
ਚਲਿ ਚਲਿ ਗਈਆਂ ਪੰਖੀਆਂ ਜਿਨੀ੍ ਵਸਾਏ ਤਲ ॥
ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥
ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥
ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥
ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥
ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥
ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥
ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥
ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥
ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥
ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥
ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥
ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥
ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥
ਫਰੀਦਾ ਕਿਥੈ ਤੈਡੇ ਮਾਪਿਆ ਜਿਨੀ੍ ਤੂ ਜਣਿਓਹਿ ॥
ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥
ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥
ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥
*ਮਹਲਾ ੫ ॥*
ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥
ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥
ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥
ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥
ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥
ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥
ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥
1382
ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥
ਫਰੀਦਾ ਪੰਖ ਪਰਾਹੁਣੀ ਦੁਨੀ ਸੁਹਾਵਾ ਬਾਗੁ ॥
ਨਉਬਤਿ ਵਜੀ ਸੁਬਹ ਸਿਉ ਚਲਣ ਕਾ ਕਰਿ ਸਾਜੁ ॥੭੯॥
ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥
ਜਿੰਨਾ੍ ਨੈਣ ਨੀਦ੍ਰਾਵਲੇ ਤਿੰਨਾ੍ ਮਿਲਣੁ ਕੁਆਉ ॥੮੦॥
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥
ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥
*ਮਹਲਾ ੫ ॥*
ਫਰੀਦਾ ਭੂਮਿ ਰੰਗਾਵਲੀ ਮੰਝਿ ਵਿਸੂਲਾ ਬਾਗ ॥
ਜੋ ਜਨ ਪੀਰਿ ਨਿਵਾਜਿਆ ਤਿੰਨਾ੍ ਅੰਚ ਨ ਲਾਗ ॥੮੨॥
*ਮਹਲਾ ੫ ॥*
ਫਰੀਦਾ ਉਮਰ ਸੁਹਾਵੜੀ ਸੰਗਿ ਸੁਵੰਨੜੀ ਦੇਹ ॥
ਵਿਰਲੇ ਕੇਈ ਪਾਈਅਨਿ ਜਿੰਨਾ੍ ਪਿਆਰੇ ਨੇਹ ॥੮੩॥
ਕੰਧੀ ਵਹਣ ਨ ਢਾਹਿ ਤਉ ਭੀ ਲੇਖਾ ਦੇਵਣਾ ॥
ਜਿਧਰਿ ਰਬ ਰਜਾਇ ਵਹਣੁ ਤਿਦਾਊ ਗੰਉ ਕਰੇ ॥੮੪॥
ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥
ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥
ਲੰਮੀ ਲੰਮੀ ਨਦੀ ਵਹੈ ਕੰਧੀ ਕੇਰੈ ਹੇਤਿ ॥
ਬੇੜੇ ਨੋ ਕਪਰੁ ਕਿਆ ਕਰੇ ਜੇ ਪਾਤਣ ਰਹੈ ਸੁਚੇਤਿ ॥੮੬॥
ਫਰੀਦਾ ਗਲੀਂ ਸੁ ਸਜਣ ਵੀਹ ਇਕੁ ਢੂੰਢੇਦੀ ਨ ਲਹਾਂ ॥
ਧੁਖਾਂ ਜਿਉ ਮਾਂਲੀਹ ਕਾਰਣਿ ਤਿੰਨਾ੍ ਮਾ ਪਿਰੀ ॥੮੭॥
ਫਰੀਦਾ ਇਹੁ ਤਨੁ ਭਉਕਣਾ ਨਿਤ ਨਿਤ ਦੁਖੀਐ ਕਉਣੁ ॥
ਕੰਨੀ ਬੁਜੇ ਦੇ ਰਹਾਂ ਕਿਤੀ ਵਗੈ ਪਉਣੁ ॥੮੮॥
ਫਰੀਦਾ ਰਬ ਖਜੂਰੀ ਪਕੀਆਂ ਮਾਖਿਅ ਨਈ ਵਹੰਨਿ੍ ॥
ਜੋ ਜੋ ਵੰਞੈਂ ਡੀਹੜਾ ਸੋ ਉਮਰ ਹਥ ਪਵੰਨਿ ॥੮੯॥
ਫਰੀਦਾ ਤਨੁ ਸੁਕਾ ਪਿੰਜਰੁ ਥੀਆ ਤਲੀਆਂ ਖੂੰਡਹਿ ਕਾਗ ॥
ਅਜੈ ਸੁ ਰਬੁ ਨ ਬਾਹੁੜਿਓ ਦੇਖੁ ਬੰਦੇ ਕੇ ਭਾਗ ॥੯੦॥
ਕਾਗਾ ਕਰੰਗ ਢੰਢੋਲਿਆ ਸਗਲਾ ਖਾਇਆ ਮਾਸੁ ॥
ਏ ਦੁਇ ਨੈਨਾ ਮਤਿ ਛੁਹਉ ਪਿਰ ਦੇਖਨ ਕੀ ਆਸ ॥੯੧॥
ਕਾਗਾ ਚੂੰਡਿ ਨ ਪਿੰਜਰਾ ਬਸੈ ਤ ਉਡਰਿ ਜਾਹਿ ॥
ਜਿਤੁ ਪਿੰਜਰੈ ਮੇਰਾ ਸਹੁ ਵਸੈ ਮਾਸੁ ਨ ਤਿਦੂ ਖਾਹਿ ॥੯੨॥
ਫਰੀਦਾ ਗੋਰ ਨਿਮਾਣੀ ਸਡੁ ਕਰੇ ਨਿਘਰਿਆ ਘਰਿ ਆਉ ॥
ਸਰਪਰ ਮੈਥੈ ਆਵਣਾ ਮਰਣਹੁ ਨਾ ਡਰਿਆਹੁ ॥੯੩॥
ਏਨੀ ਲੋਇਣੀ ਦੇਖਦਿਆ ਕੇਤੀ ਚਲਿ ਗਈ ॥
ਫਰੀਦਾ ਲੋਕਾਂ ਆਪੋ ਆਪਣੀ ਮੈ ਆਪਣੀ ਪਈ ॥੯੪॥
ਆਪੁ ਸਵਾਰਹਿ ਮੈ ਮਿਲਹਿ ਮੈ ਮਿਲਿਆ ਸੁਖੁ ਹੋਇ ॥
ਫਰੀਦਾ ਜੇ ਤੂ ਮੇਰਾ ਹੋਇ ਰਹਹਿ ਸਭੁ ਜਗੁ ਤੇਰਾ ਹੋਇ ॥੯੫॥
ਕੰਧੀ ਉਤੈ ਰੁਖੜਾ ਕਿਚਰਕੁ ਬੰਨੈ ਧੀਰੁ ॥
ਫਰੀਦਾ ਕਚੈ ਭਾਂਡੈ ਰਖੀਐ ਕਿਚਰੁ ਤਾਈ ਨੀਰੁ ॥੯੬॥