*ਰਾਗੁ ਗਉੜੀ ਮਾਝ ਮਹਲਾ ੪ ॥*
ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥
ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥
ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥
ਵਡਭਾਗੀ ਮਿਲੁ ਰਾਮਾ ॥੧॥
ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥
ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥
ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥
ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥
ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥
ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥
ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥
ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥
ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥
ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥
ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥
ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥
*ਗਉੜੀ ਮਾਝ ਮਹਲਾ ੪ ॥*
ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥
ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥
ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥
ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥
ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥
ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥
ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥
ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥
ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥
ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥
ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥
ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥
ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥
ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥
ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥
*ਗਉੜੀ ਮਾਝ ਮਹਲਾ ੪ ॥*
ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥
ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥
ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥
ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥
ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥
174
ਸੰਤ ਜਨਾ ਮਿਲਿ ਪਾਇਆ ਮੇਰੇ ਗੋਵਿਦਾ ਮੇਰਾ ਹਰਿ ਪ੍ਰਭੁ ਸਜਣੁ ਸੈਣੀ ਜੀਉ ॥
ਹਰਿ ਆਇ ਮਿਲਿਆ ਜਗਜੀਵਨੁ ਮੇਰੇ ਗੋਵਿੰਦਾ ਮੈ ਸੁਖਿ ਵਿਹਾਣੀ ਰੈਣੀ ਜੀਉ ॥੨॥
ਮੈ ਮੇਲਹੁ ਸੰਤ ਮੇਰਾ ਹਰਿ ਪ੍ਰਭੁ ਸਜਣੁ ਮੈ ਮਨਿ ਤਨਿ ਭੁਖ ਲਗਾਈਆ ਜੀਉ ॥
ਹਉ ਰਹਿ ਨ ਸਕਉ ਬਿਨੁ ਦੇਖੇ ਮੇਰੇ ਪ੍ਰੀਤਮ ਮੈ ਅੰਤਰਿ ਬਿਰਹੁ ਹਰਿ ਲਾਈਆ ਜੀਉ ॥
ਹਰਿ ਰਾਇਆ ਮੇਰਾ ਸਜਣੁ ਪਿਆਰਾ ਗੁਰੁ ਮੇਲੇ ਮੇਰਾ ਮਨੁ ਜੀਵਾਈਆ ਜੀਉ ॥
ਮੇਰੈ ਮਨਿ ਤਨਿ ਆਸਾ ਪੂਰੀਆ ਮੇਰੇ ਗੋਵਿੰਦਾ ਹਰਿ ਮਿਲਿਆ ਮਨਿ ਵਾਧਾਈਆ ਜੀਉ ॥੩॥
ਵਾਰੀ ਮੇਰੇ ਗੋਵਿੰਦਾ ਵਾਰੀ ਮੇਰੇ ਪਿਆਰਿਆ ਹਉ ਤੁਧੁ ਵਿਟੜਿਅਹੁ ਸਦ ਵਾਰੀ ਜੀਉ ॥
ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਮੇਰੇ ਗੋਵਿਦਾ ਹਰਿ ਪੂੰਜੀ ਰਾਖੁ ਹਮਾਰੀ ਜੀਉ ॥
ਸਤਿਗੁਰੁ ਵਿਸਟੁ ਮੇਲਿ ਮੇਰੇ ਗੋਵਿੰਦਾ ਹਰਿ ਮੇਲੇ ਕਰਿ ਰੈਬਾਰੀ ਜੀਉ ॥
ਹਰਿ ਨਾਮੁ ਦਇਆ ਕਰਿ ਪਾਇਆ ਮੇਰੇ ਗੋਵਿੰਦਾ ਜਨ ਨਾਨਕੁ ਸਰਣਿ ਤੁਮਾਰੀ ਜੀਉ ॥੪॥੩॥੨੯॥੬੭॥
*ਗਉੜੀ ਮਾਝ ਮਹਲਾ ੪ ॥*
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
ਹਰਿ ਆਪੇ ਕਾਨ੍ਹ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਆਪਿ ਖੇਲੈ ਬਹੁ ਰੰਗੀ ਜੀਉ ॥
ਇਕਨਾ ਭੋਗ ਭੋਗਾਇਦਾ ਮੇਰੇ ਗੋਵਿੰਦਾ ਇਕਿ ਨਗਨ ਫਿਰਹਿ ਨੰਗ ਨੰਗੀ ਜੀਉ ॥
ਆਪੇ ਜਗਤੁ ਉਪਾਇਦਾ ਮੇਰੇ ਗੋਵਿਦਾ ਹਰਿ ਦਾਨੁ ਦੇਵੈ ਸਭ ਮੰਗੀ ਜੀਉ ॥
ਭਗਤਾ ਨਾਮੁ ਆਧਾਰੁ ਹੈ ਮੇਰੇ ਗੋਵਿੰਦਾ ਹਰਿ ਕਥਾ ਮੰਗਹਿ ਹਰਿ ਚੰਗੀ ਜੀਉ ॥੨॥
ਹਰਿ ਆਪੇ ਭਗਤਿ ਕਰਾਇਦਾ ਮੇਰੇ ਗੋਵਿੰਦਾ ਹਰਿ ਭਗਤਾ ਲੋਚ ਮਨਿ ਪੂਰੀ ਜੀਉ ॥
ਆਪੇ ਜਲਿ ਥਲਿ ਵਰਤਦਾ ਮੇਰੇ ਗੋਵਿਦਾ ਰਵਿ ਰਹਿਆ ਨਹੀ ਦੂਰੀ ਜੀਉ ॥
ਹਰਿ ਅੰਤਰਿ ਬਾਹਰਿ ਆਪਿ ਹੈ ਮੇਰੇ ਗੋਵਿਦਾ ਹਰਿ ਆਪਿ ਰਹਿਆ ਭਰਪੂਰੀ ਜੀਉ ॥
ਹਰਿ ਆਤਮ ਰਾਮੁ ਪਸਾਰਿਆ ਮੇਰੇ ਗੋਵਿੰਦਾ ਹਰਿ ਵੇਖੈ ਆਪਿ ਹਦੂਰੀ ਜੀਉ ॥੩॥
ਹਰਿ ਅੰਤਰਿ ਵਾਜਾ ਪਉਣੁ ਹੈ ਮੇਰੇ ਗੋਵਿੰਦਾ ਹਰਿ ਆਪਿ ਵਜਾਏ ਤਿਉ ਵਾਜੈ ਜੀਉ ॥
ਹਰਿ ਅੰਤਰਿ ਨਾਮੁ ਨਿਧਾਨੁ ਹੈ ਮੇਰੇ ਗੋਵਿੰਦਾ ਗੁਰ ਸਬਦੀ ਹਰਿ ਪ੍ਰਭੁ ਗਾਜੈ ਜੀਉ ॥
ਆਪੇ ਸਰਣਿ ਪਵਾਇਦਾ ਮੇਰੇ ਗੋਵਿੰਦਾ ਹਰਿ ਭਗਤ ਜਨਾ ਰਾਖੁ ਲਾਜੈ ਜੀਉ ॥
175
ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥
*ਗਉੜੀ ਮਾਝ ਮਹਲਾ ੪ ॥*
ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥
ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥
ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥
ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥
ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥
ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥
ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥
ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥
ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥
ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥
ਗੁਰ ਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥
ਵਡਭਾਗੀ ਜਪਿ ਨਾਉ ਜੀਉ ॥੩॥
ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥
ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥
ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥
ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥
*ਗਉੜੀ ਮਾਝ ਮਹਲਾ ੪ ॥*
ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥
ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥
ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥
ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥
ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥
ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥
ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥
ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥
ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥
ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥
ਹਰਿ ਨਾਮੇ ਨਾਮਿ ਸਮਾਈ ਜੀਉ ॥੩॥
ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥
ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥
ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥
ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥
*ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ*
*ੴ ਸਤਿਗੁਰ ਪ੍ਰਸਾਦਿ ॥*
ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥
ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥
ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥
ਊਚੇ ਮੰਦਰ ਸੁੰਦਰ ਛਾਇਆ ॥
ਝੂਠੇ ਲਾਲਚਿ ਜਨਮੁ ਗਵਾਇਆ ॥੧॥
176
ਹਸਤੀ ਘੋੜੇ ਦੇਖਿ ਵਿਗਾਸਾ ॥
ਲਸਕਰ ਜੋੜੇ ਨੇਬ ਖਵਾਸਾ ॥
ਗਲਿ ਜੇਵੜੀ ਹਉਮੈ ਕੇ ਫਾਸਾ ॥੨॥
ਰਾਜੁ ਕਮਾਵੈ ਦਹ ਦਿਸ ਸਾਰੀ ॥
ਮਾਣੈ ਰੰਗ ਭੋਗ ਬਹੁ ਨਾਰੀ ॥
ਜਿਉ ਨਰਪਤਿ ਸੁਪਨੈ ਭੇਖਾਰੀ ॥੩॥
ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥
ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥
ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥
ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥
ਇਉ ਪਾਈਐ ਹਰਿ ਰਾਮ ਸਹਾਈ ॥੧॥ਰਹਾਉ ਦੂਜਾ ॥
*ਗਉੜੀ ਗੁਆਰੇਰੀ ਮਹਲਾ ੫ ॥*
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥
ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥
ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥
ਜਿਸੁ ਰਾਖੈ ਆਪਿ ਰਾਮੁ ਦਇਆਰਾ ॥
ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥
ਸਭ ਮਹਿ ਵਰਤੈ ਏਕੁ ਅਨੰਤਾ ॥
ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥
ਮਨਮੁਖ ਮੁਏ ਜਿਨ ਦੂਜੀ ਪਿਆਸਾ ॥
ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥
ਜੈਸਾ ਬੀਜਹਿ ਤੈਸਾ ਖਾਸਾ ॥੩॥
ਦੇਖਿ ਦਰਸੁ ਮਨਿ ਭਇਆ ਵਿਗਾਸਾ ॥
ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥
ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥
*ਗਉੜੀ ਗੁਆਰੇਰੀ ਮਹਲਾ ੫ ॥*
ਕਈ ਜਨਮ ਭਏ ਕੀਟ ਪਤੰਗਾ ॥
ਕਈ ਜਨਮ ਗਜ ਮੀਨ ਕੁਰੰਗਾ ॥
ਕਈ ਜਨਮ ਪੰਖੀ ਸਰਪ ਹੋਇਓ ॥
ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥
ਮਿਲੁ ਜਗਦੀਸ ਮਿਲਨ ਕੀ ਬਰੀਆ ॥
ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥
ਕਈ ਜਨਮ ਸੈਲ ਗਿਰਿ ਕਰਿਆ ॥
ਕਈ ਜਨਮ ਗਰਭ ਹਿਰਿ ਖਰਿਆ ॥
ਕਈ ਜਨਮ ਸਾਖ ਕਰਿ ਉਪਾਇਆ ॥
ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥
ਸਾਧਸੰਗਿ ਭਇਓ ਜਨਮੁ ਪਰਾਪਤਿ ॥
ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥
ਤਿਆਗਿ ਮਾਨੁ ਝੂਠੁ ਅਭਿਮਾਨੁ ॥
ਜੀਵਤ ਮਰਹਿ ਦਰਗਹ ਪਰਵਾਨੁ ॥੩॥
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥
ਅਵਰੁ ਨ ਦੂਜਾ ਕਰਣੈ ਜੋਗੁ ॥
ਤਾ ਮਿਲੀਐ ਜਾ ਲੈਹਿ ਮਿਲਾਇ ॥
ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥