*ਗਉੜੀ ਗੁਆਰੇਰੀ ਮਹਲਾ ੫ ॥*
ਮਨੁ ਮੰਦਰੁ ਤਨੁ ਸਾਜੀ ਬਾਰਿ ॥
ਇਸ ਹੀ ਮਧੇ ਬਸਤੁ ਅਪਾਰ ॥
ਇਸ ਹੀ ਭੀਤਰਿ ਸੁਨੀਅਤ ਸਾਹੁ ॥
ਕਵਨੁ ਬਾਪਾਰੀ ਜਾ ਕਾ ਊਹਾ ਵਿਸਾਹੁ ॥੧॥
ਨਾਮ ਰਤਨ ਕੋ ਕੋ ਬਿਉਹਾਰੀ ॥
ਅੰਮ੍ਰਿਤ ਭੋਜਨੁ ਕਰੇ ਆਹਾਰੀ ॥੧॥ ਰਹਾਉ ॥
ਮਨੁ ਤਨੁ ਅਰਪੀ ਸੇਵ ਕਰੀਜੈ ॥
ਕਵਨ ਸੁ ਜੁਗਤਿ ਜਿਤੁ ਕਰਿ ਭੀਜੈ ॥
ਪਾਇ ਲਗਉ ਤਜਿ ਮੇਰਾ ਤੇਰੈ ॥
ਕਵਨੁ ਸੁ ਜਨੁ ਜੋ ਸਉਦਾ ਜੋਰੈ ॥੨॥
ਮਹਲੁ ਸਾਹ ਕਾ ਕਿਨ ਬਿਧਿ ਪਾਵੈ ॥
ਕਵਨ ਸੁ ਬਿਧਿ ਜਿਤੁ ਭੀਤਰਿ ਬੁਲਾਵੈ ॥
ਤੂੰ ਵਡ ਸਾਹੁ ਜਾ ਕੇ ਕੋਟਿ ਵਣਜਾਰੇ ॥
ਕਵਨੁ ਸੁ ਦਾਤਾ ਲੇ ਸੰਚਾਰੇ ॥੩॥
ਖੋਜਤ ਖੋਜਤ ਨਿਜ ਘਰੁ ਪਾਇਆ ॥
ਅਮੋਲ ਰਤਨੁ ਸਾਚੁ ਦਿਖਲਾਇਆ ॥
ਕਰਿ ਕਿਰਪਾ ਜਬ ਮੇਲੇ ਸਾਹਿ ॥
ਕਹੁ ਨਾਨਕ ਗੁਰ ਕੈ ਵੇਸਾਹਿ ॥੪॥੧੬॥੮੫॥
*ਗਉੜੀ ਮਹਲਾ ੫ ਗੁਆਰੇਰੀ ॥*
ਰੈਣਿ ਦਿਨਸੁ ਰਹੈ ਇਕ ਰੰਗਾ ॥
ਪ੍ਰਭ ਕਉ ਜਾਣੈ ਸਦ ਹੀ ਸੰਗਾ ॥
ਠਾਕੁਰ ਨਾਮੁ ਕੀਓ ਉਨਿ ਵਰਤਨਿ ॥
ਤ੍ਰਿਪਤਿ ਅਘਾਵਨੁ ਹਰਿ ਕੈ ਦਰਸਨਿ ॥੧॥
ਹਰਿ ਸੰਗਿ ਰਾਤੇ ਮਨ ਤਨ ਹਰੇ ॥
ਗੁਰ ਪੂਰੇ ਕੀ ਸਰਨੀ ਪਰੇ ॥੧॥ ਰਹਾਉ ॥
ਚਰਣ ਕਮਲ ਆਤਮ ਆਧਾਰ ॥
ਏਕੁ ਨਿਹਾਰਹਿ ਆਗਿਆਕਾਰ ॥
ਏਕੋ ਬਨਜੁ ਏਕੋ ਬਿਉਹਾਰੀ ॥
ਅਵਰੁ ਨ ਜਾਨਹਿ ਬਿਨੁ ਨਿਰੰਕਾਰੀ ॥੨॥
ਹਰਖ ਸੋਗ ਦੁਹਹੂੰ ਤੇ ਮੁਕਤੇ ॥
ਸਦਾ ਅਲਿਪਤੁ ਜੋਗ ਅਰੁ ਜੁਗਤੇ ॥
ਦੀਸਹਿ ਸਭ ਮਹਿ ਸਭ ਤੇ ਰਹਤੇ ॥
ਪਾਰਬ੍ਰਹਮ ਕਾ ਓਇ ਧਿਆਨੁ ਧਰਤੇ ॥੩॥
ਸੰਤਨ ਕੀ ਮਹਿਮਾ ਕਵਨ ਵਖਾਨਉ ॥
ਅਗਾਧਿ ਬੋਧਿ ਕਿਛੁ ਮਿਤਿ ਨਹੀ ਜਾਨਉ ॥
ਪਾਰਬ੍ਰਹਮ ਮੋਹਿ ਕਿਰਪਾ ਕੀਜੈ ॥
ਧੂਰਿ ਸੰਤਨ ਕੀ ਨਾਨਕ ਦੀਜੈ ॥੪॥੧੭॥੮੬॥
*ਗਉੜੀ ਗੁਆਰੇਰੀ ਮਹਲਾ ੫ ॥*
ਤੂੰ ਮੇਰਾ ਸਖਾ ਤੂੰਹੀ ਮੇਰਾ ਮੀਤੁ ॥
ਤੂੰ ਮੇਰਾ ਪ੍ਰੀਤਮੁ ਤੁਮ ਸੰਗਿ ਹੀਤੁ ॥
ਤੂੰ ਮੇਰੀ ਪਤਿ ਤੂਹੈ ਮੇਰਾ ਗਹਣਾ ॥
ਤੁਝ ਬਿਨੁ ਨਿਮਖੁ ਨ ਜਾਈ ਰਹਣਾ ॥੧॥
ਤੂੰ ਮੇਰੇ ਲਾਲਨ ਤੂੰ ਮੇਰੇ ਪ੍ਰਾਨ ॥
ਤੂੰ ਮੇਰੇ ਸਾਹਿਬ ਤੂੰ ਮੇਰੇ ਖਾਨ ॥੧॥ ਰਹਾਉ ॥
ਜਿਉ ਤੁਮ ਰਾਖਹੁ ਤਿਵ ਹੀ ਰਹਨਾ ॥
ਜੋ ਤੁਮ ਕਹਹੁ ਸੋਈ ਮੋਹਿ ਕਰਨਾ ॥
ਜਹ ਪੇਖਉ ਤਹਾ ਤੁਮ ਬਸਨਾ ॥
ਨਿਰਭਉ ਨਾਮੁ ਜਪਉ ਤੇਰਾ ਰਸਨਾ ॥੨॥
ਤੂੰ ਮੇਰੀ ਨਵ ਨਿਧਿ ਤੂੰ ਭੰਡਾਰੁ ॥
ਰੰਗ ਰਸਾ ਤੂੰ ਮਨਹਿ ਅਧਾਰੁ ॥
ਤੂੰ ਮੇਰੀ ਸੋਭਾ ਤੁਮ ਸੰਗਿ ਰਚੀਆ ॥
ਤੂੰ ਮੇਰੀ ਓਟ ਤੂੰ ਹੈ ਮੇਰਾ ਤਕੀਆ ॥੩॥
ਮਨ ਤਨ ਅੰਤਰਿ ਤੁਹੀ ਧਿਆਇਆ ॥
ਮਰਮੁ ਤੁਮਾਰਾ ਗੁਰ ਤੇ ਪਾਇਆ ॥
ਸਤਿਗੁਰ ਤੇ ਦ੍ਰਿੜਿਆ ਇਕੁ ਏਕੈ ॥
ਨਾਨਕ ਦਾਸ ਹਰਿ ਹਰਿ ਹਰਿ ਟੇਕੈ ॥੪॥੧੮॥੮੭॥
*ਗਉੜੀ ਗੁਆਰੇਰੀ ਮਹਲਾ ੫ ॥*
182
ਬਿਆਪਤ ਹਰਖ ਸੋਗ ਬਿਸਥਾਰ ॥
ਬਿਆਪਤ ਸੁਰਗ ਨਰਕ ਅਵਤਾਰ ॥
ਬਿਆਪਤ ਧਨ ਨਿਰਧਨ ਪੇਖਿ ਸੋਭਾ ॥
ਮੂਲੁ ਬਿਆਧੀ ਬਿਆਪਸਿ ਲੋਭਾ ॥੧॥
ਮਾਇਆ ਬਿਆਪਤ ਬਹੁ ਪਰਕਾਰੀ ॥
ਸੰਤ ਜੀਵਹਿ ਪ੍ਰਭ ਓਟ ਤੁਮਾਰੀ ॥੧॥ ਰਹਾਉ ॥
ਬਿਆਪਤ ਅਹੰਬੁਧਿ ਕਾ ਮਾਤਾ ॥
ਬਿਆਪਤ ਪੁਤ੍ਰ ਕਲਤ੍ਰ ਸੰਗਿ ਰਾਤਾ ॥
ਬਿਆਪਤ ਹਸਤਿ ਘੋੜੇ ਅਰੁ ਬਸਤਾ ॥
ਬਿਆਪਤ ਰੂਪ ਜੋਬਨ ਮਦ ਮਸਤਾ ॥੨॥
ਬਿਆਪਤ ਭੂਮਿ ਰੰਕ ਅਰੁ ਰੰਗਾ ॥
ਬਿਆਪਤ ਗੀਤ ਨਾਦ ਸੁਣਿ ਸੰਗਾ ॥
ਬਿਆਪਤ ਸੇਜ ਮਹਲ ਸੀਗਾਰ ॥
ਪੰਚ ਦੂਤ ਬਿਆਪਤ ਅੰਧਿਆਰ ॥੩॥
ਬਿਆਪਤ ਕਰਮ ਕਰੈ ਹਉ ਫਾਸਾ ॥
ਬਿਆਪਤਿ ਗਿਰਸਤ ਬਿਆਪਤ ਉਦਾਸਾ ॥
ਆਚਾਰ ਬਿਉਹਾਰ ਬਿਆਪਤ ਇਹ ਜਾਤਿ ॥
ਸਭ ਕਿਛੁ ਬਿਆਪਤ ਬਿਨੁ ਹਰਿ ਰੰਗ ਰਾਤ ॥੪॥
ਸੰਤਨ ਕੇ ਬੰਧਨ ਕਾਟੇ ਹਰਿ ਰਾਇ ॥
ਤਾ ਕਉ ਕਹਾ ਬਿਆਪੈ ਮਾਇ ॥
ਕਹੁ ਨਾਨਕ ਜਿਨਿ ਧੂਰਿ ਸੰਤ ਪਾਈ ॥
ਤਾ ਕੈ ਨਿਕਟਿ ਨ ਆਵੈ ਮਾਈ ॥੫॥੧੯॥੮੮॥
*ਗਉੜੀ ਗੁਆਰੇਰੀ ਮਹਲਾ ੫ ॥*
ਨੈਨਹੁ ਨੀਦ ਪਰ ਦ੍ਰਿਸਟਿ ਵਿਕਾਰ ॥
ਸ੍ਰਵਣ ਸੋਏ ਸੁਣਿ ਨਿੰਦ ਵੀਚਾਰ ॥
ਰਸਨਾ ਸੋਈ ਲੋਭਿ ਮੀਠੈ ਸਾਦਿ ॥
ਮਨੁ ਸੋਇਆ ਮਾਇਆ ਬਿਸਮਾਦਿ ॥੧॥
ਇਸੁ ਗ੍ਰਿਹ ਮਹਿ ਕੋਈ ਜਾਗਤੁ ਰਹੈ ॥
ਸਾਬਤੁ ਵਸਤੁ ਓਹੁ ਅਪਨੀ ਲਹੈ ॥੧॥ ਰਹਾਉ ॥
ਸਗਲ ਸਹੇਲੀ ਅਪਨੈ ਰਸ ਮਾਤੀ ॥
ਗ੍ਰਿਹ ਅਪੁਨੇ ਕੀ ਖਬਰਿ ਨ ਜਾਤੀ ॥
ਮੁਸਨਹਾਰ ਪੰਚ ਬਟਵਾਰੇ ॥
ਸੂਨੇ ਨਗਰਿ ਪਰੇ ਠਗਹਾਰੇ ॥੨॥
ਉਨ ਤੇ ਰਾਖੈ ਬਾਪੁ ਨ ਮਾਈ ॥
ਉਨ ਤੇ ਰਾਖੈ ਮੀਤੁ ਨ ਭਾਈ ॥
ਦਰਬਿ ਸਿਆਣਪ ਨਾ ਓਇ ਰਹਤੇ ॥
ਸਾਧਸੰਗਿ ਓਇ ਦੁਸਟ ਵਸਿ ਹੋਤੇ ॥੩॥
ਕਰਿ ਕਿਰਪਾ ਮੋਹਿ ਸਾਰਿੰਗਪਾਣਿ ॥
ਸੰਤਨ ਧੂਰਿ ਸਰਬ ਨਿਧਾਨ ॥
ਸਾਬਤੁ ਪੂੰਜੀ ਸਤਿਗੁਰ ਸੰਗਿ ॥
ਨਾਨਕੁ ਜਾਗੈ ਪਾਰਬ੍ਰਹਮ ਕੈ ਰੰਗਿ ॥੪॥
ਸੋ ਜਾਗੈ ਜਿਸੁ ਪ੍ਰਭੁ ਕਿਰਪਾਲੁ ॥
ਇਹ ਪੂੰਜੀ ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥
*ਗਉੜੀ ਗੁਆਰੇਰੀ ਮਹਲਾ ੫ ॥*
ਜਾ ਕੈ ਵਸਿ ਖਾਨ ਸੁਲਤਾਨ ॥
ਜਾ ਕੈ ਵਸਿ ਹੈ ਸਗਲ ਜਹਾਨ ॥
ਜਾ ਕਾ ਕੀਆ ਸਭੁ ਕਿਛੁ ਹੋਇ ॥
ਤਿਸ ਤੇ ਬਾਹਰਿ ਨਾਹੀ ਕੋਇ ॥੧॥
ਕਹੁ ਬੇਨੰਤੀ ਅਪੁਨੇ ਸਤਿਗੁਰ ਪਾਹਿ ॥
ਕਾਜ ਤੁਮਾਰੇ ਦੇਇ ਨਿਬਾਹਿ ॥੧॥ ਰਹਾਉ ॥
ਸਭ ਤੇ ਊਚ ਜਾ ਕਾ ਦਰਬਾਰੁ ॥
ਸਗਲ ਭਗਤ ਜਾ ਕਾ ਨਾਮੁ ਅਧਾਰੁ ॥
ਸਰਬ ਬਿਆਪਿਤ ਪੂਰਨ ਧਨੀ ॥
ਜਾ ਕੀ ਸੋਭਾ ਘਟਿ ਘਟਿ ਬਨੀ ॥੨॥
ਜਿਸੁ ਸਿਮਰਤ ਦੁਖ ਡੇਰਾ ਢਹੈ ॥
ਜਿਸੁ ਸਿਮਰਤ ਜਮੁ ਕਿਛੂ ਨ ਕਹੈ ॥
ਜਿਸੁ ਸਿਮਰਤ ਹੋਤ ਸੂਕੇ ਹਰੇ ॥
183
ਜਿਸੁ ਸਿਮਰਤ ਡੂਬਤ ਪਾਹਨ ਤਰੇ ॥੩॥
ਸੰਤ ਸਭਾ ਕਉ ਸਦਾ ਜੈਕਾਰੁ ॥
ਹਰਿ ਹਰਿ ਨਾਮੁ ਜਨ ਪ੍ਰਾਨ ਅਧਾਰੁ ॥
ਕਹੁ ਨਾਨਕ ਮੇਰੀ ਸੁਣੀ ਅਰਦਾਸਿ ॥
ਸੰਤ ਪ੍ਰਸਾਦਿ ਮੋ ਕਉ ਨਾਮ ਨਿਵਾਸਿ ॥੪॥੨੧॥੯੦॥
*ਗਉੜੀ ਗੁਆਰੇਰੀ ਮਹਲਾ ੫ ॥*
ਸਤਿਗੁਰ ਦਰਸਨਿ ਅਗਨਿ ਨਿਵਾਰੀ ॥
ਸਤਿਗੁਰ ਭੇਟਤ ਹਉਮੈ ਮਾਰੀ ॥
ਸਤਿਗੁਰ ਸੰਗਿ ਨਾਹੀ ਮਨੁ ਡੋਲੈ ॥
ਅੰਮ੍ਰਿਤ ਬਾਣੀ ਗੁਰਮੁਖਿ ਬੋਲੈ ॥੧॥
ਸਭੁ ਜਗੁ ਸਾਚਾ ਜਾ ਸਚ ਮਹਿ ਰਾਤੇ ॥
ਸੀਤਲ ਸਾਤਿ ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥
ਸੰਤ ਪ੍ਰਸਾਦਿ ਜਪੈ ਹਰਿ ਨਾਉ ॥
ਸੰਤ ਪ੍ਰਸਾਦਿ ਹਰਿ ਕੀਰਤਨੁ ਗਾਉ ॥
ਸੰਤ ਪ੍ਰਸਾਦਿ ਸਗਲ ਦੁਖ ਮਿਟੇ ॥
ਸੰਤ ਪ੍ਰਸਾਦਿ ਬੰਧਨ ਤੇ ਛੁਟੇ ॥੨॥
ਸੰਤ ਕ੍ਰਿਪਾ ਤੇ ਮਿਟੇ ਮੋਹ ਭਰਮ ॥
ਸਾਧ ਰੇਣ ਮਜਨ ਸਭਿ ਧਰਮ ॥
ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥
ਸਾਧਾ ਮਹਿ ਇਹ ਹਮਰੀ ਜਿੰਦੁ ॥੩॥
ਕਿਰਪਾ ਨਿਧਿ ਕਿਰਪਾਲ ਧਿਆਵਉ ॥
ਸਾਧਸੰਗਿ ਤਾ ਬੈਠਣੁ ਪਾਵਉ ॥
ਮੋਹਿ ਨਿਰਗੁਣ ਕਉ ਪ੍ਰਭਿ ਕੀਨੀ ਦਇਆ ॥
ਸਾਧਸੰਗਿ ਨਾਨਕ ਨਾਮੁ ਲਇਆ ॥੪॥੨੨॥੯੧॥
*ਗਉੜੀ ਗੁਆਰੇਰੀ ਮਹਲਾ ੫ ॥*
ਸਾਧਸੰਗਿ ਜਪਿਓ ਭਗਵੰਤੁ ॥
ਕੇਵਲ ਨਾਮੁ ਦੀਓ ਗੁਰਿ ਮੰਤੁ ॥
ਤਜਿ ਅਭਿਮਾਨ ਭਏ ਨਿਰਵੈਰ ॥
ਆਠ ਪਹਰ ਪੂਜਹੁ ਗੁਰ ਪੈਰ ॥੧॥
ਅਬ ਮਤਿ ਬਿਨਸੀ ਦੁਸਟ ਬਿਗਾਨੀ ॥
ਜਬ ਤੇ ਸੁਣਿਆ ਹਰਿ ਜਸੁ ਕਾਨੀ ॥੧॥ ਰਹਾਉ ॥
ਸਹਜ ਸੂਖ ਆਨੰਦ ਨਿਧਾਨ ॥
ਰਾਖਨਹਾਰ ਰਖਿ ਲੇਇ ਨਿਦਾਨ ॥
ਦੂਖ ਦਰਦ ਬਿਨਸੇ ਭੈ ਭਰਮ ॥
ਆਵਣ ਜਾਣ ਰਖੇ ਕਰਿ ਕਰਮ ॥੨॥
ਪੇਖੈ ਬੋਲੈ ਸੁਣੈ ਸਭੁ ਆਪਿ ॥
ਸਦਾ ਸੰਗਿ ਤਾ ਕਉ ਮਨ ਜਾਪਿ ॥
ਸੰਤ ਪ੍ਰਸਾਦਿ ਭਇਓ ਪਰਗਾਸੁ ॥
ਪੂਰਿ ਰਹੇ ਏਕੈ ਗੁਣਤਾਸੁ ॥੩॥
ਕਹਤ ਪਵਿਤ੍ਰ ਸੁਣਤ ਪੁਨੀਤ ॥
ਗੁਣ ਗੋਵਿੰਦ ਗਾਵਹਿ ਨਿਤ ਨੀਤ ॥
ਕਹੁ ਨਾਨਕ ਜਾ ਕਉ ਹੋਹੁ ਕ੍ਰਿਪਾਲ ॥
ਤਿਸੁ ਜਨ ਕੀ ਸਭ ਪੂਰਨ ਘਾਲ ॥੪॥੨੩॥੯੨॥
*ਗਉੜੀ ਗੁਆਰੇਰੀ ਮਹਲਾ ੫ ॥*
ਬੰਧਨ ਤੋੜਿ ਬੋਲਾਵੈ ਰਾਮੁ ॥
ਮਨ ਮਹਿ ਲਾਗੈ ਸਾਚੁ ਧਿਆਨੁ ॥
ਮਿਟਹਿ ਕਲੇਸ ਸੁਖੀ ਹੋਇ ਰਹੀਐ ॥
ਐਸਾ ਦਾਤਾ ਸਤਿਗੁਰੁ ਕਹੀਐ ॥੧॥
ਸੋ ਸੁਖਦਾਤਾ ਜਿ ਨਾਮੁ ਜਪਾਵੈ ॥
ਕਰਿ ਕਿਰਪਾ ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥
ਜਿਸੁ ਹੋਇ ਦਇਆਲੁ ਤਿਸੁ ਆਪਿ ਮਿਲਾਵੈ ॥
ਸਰਬ ਨਿਧਾਨ ਗੁਰੂ ਤੇ ਪਾਵੈ ॥
ਆਪੁ ਤਿਆਗਿ ਮਿਟੈ ਆਵਣ ਜਾਣਾ ॥
ਸਾਧ ਕੈ ਸੰਗਿ ਪਾਰਬ੍ਰਹਮੁ ਪਛਾਣਾ ॥੨॥
ਜਨ ਊਪਰਿ ਪ੍ਰਭ ਭਏ ਦਇਆਲ ॥
184
ਜਨ ਕੀ ਟੇਕ ਏਕ ਗੋਪਾਲ ॥
ਏਕਾ ਲਿਵ ਏਕੋ ਮਨਿ ਭਾਉ ॥
ਸਰਬ ਨਿਧਾਨ ਜਨ ਕੈ ਹਰਿ ਨਾਉ ॥੩॥
ਪਾਰਬ੍ਰਹਮ ਸਿਉ ਲਾਗੀ ਪ੍ਰੀਤਿ ॥
ਨਿਰਮਲ ਕਰਣੀ ਸਾਚੀ ਰੀਤਿ ॥
ਗੁਰਿ ਪੂਰੈ ਮੇਟਿਆ ਅੰਧਿਆਰਾ ॥
ਨਾਨਕ ਕਾ ਪ੍ਰਭੁ ਅਪਰ ਅਪਾਰਾ ॥੪॥੨੪॥੯੩॥
*ਗਉੜੀ ਗੁਆਰੇਰੀ ਮਹਲਾ ੫ ॥*
ਜਿਸੁ ਮਨਿ ਵਸੈ ਤਰੈ ਜਨੁ ਸੋਇ ॥
ਜਾ ਕੈ ਕਰਮਿ ਪਰਾਪਤਿ ਹੋਇ ॥
ਦੂਖੁ ਰੋਗੁ ਕਛੁ ਭਉ ਨ ਬਿਆਪੈ ॥
ਅੰਮ੍ਰਿਤ ਨਾਮੁ ਰਿਦੈ ਹਰਿ ਜਾਪੈ ॥੧॥
ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥
ਗੁਰ ਪੂਰੇ ਤੇ ਇਹ ਮਤਿ ਪਾਈਐ ॥੧॥ ਰਹਾਉ ॥
ਕਰਣ ਕਰਾਵਨਹਾਰ ਦਇਆਲ ॥
ਜੀਅ ਜੰਤ ਸਗਲੇ ਪ੍ਰਤਿਪਾਲ ॥
ਅਗਮ ਅਗੋਚਰ ਸਦਾ ਬੇਅੰਤਾ ॥
ਸਿਮਰਿ ਮਨਾ ਪੂਰੇ ਗੁਰ ਮੰਤਾ ॥੨॥
ਜਾ ਕੀ ਸੇਵਾ ਸਰਬ ਨਿਧਾਨੁ ॥
ਪ੍ਰਭ ਕੀ ਪੂਜਾ ਪਾਈਐ ਮਾਨੁ ॥
ਜਾ ਕੀ ਟਹਲ ਨ ਬਿਰਥੀ ਜਾਇ ॥
ਸਦਾ ਸਦਾ ਹਰਿ ਕੇ ਗੁਣ ਗਾਇ ॥੩॥
ਕਰਿ ਕਿਰਪਾ ਪ੍ਰਭ ਅੰਤਰਜਾਮੀ ॥
ਸੁਖ ਨਿਧਾਨ ਹਰਿ ਅਲਖ ਸੁਆਮੀ ॥
ਜੀਅ ਜੰਤ ਤੇਰੀ ਸਰਣਾਈ ॥
ਨਾਨਕ ਨਾਮੁ ਮਿਲੈ ਵਡਿਆਈ ॥੪॥੨੫॥੯੪॥
*ਗਉੜੀ ਗੁਆਰੇਰੀ ਮਹਲਾ ੫ ॥*
ਜੀਅ ਜੁਗਤਿ ਜਾ ਕੈ ਹੈ ਹਾਥ ॥
ਸੋ ਸਿਮਰਹੁ ਅਨਾਥ ਕੋ ਨਾਥੁ ॥
ਪ੍ਰਭ ਚਿਤਿ ਆਏ ਸਭੁ ਦੁਖੁ ਜਾਇ ॥
ਭੈ ਸਭ ਬਿਨਸਹਿ ਹਰਿ ਕੈ ਨਾਇ ॥੧॥
ਬਿਨੁ ਹਰਿ ਭਉ ਕਾਹੇ ਕਾ ਮਾਨਹਿ ॥
ਹਰਿ ਬਿਸਰਤ ਕਾਹੇ ਸੁਖੁ ਜਾਨਹਿ ॥੧॥ ਰਹਾਉ ॥
ਜਿਨਿ ਧਾਰੇ ਬਹੁ ਧਰਣਿ ਅਗਾਸ ॥
ਜਾ ਕੀ ਜੋਤਿ ਜੀਅ ਪਰਗਾਸ ॥
ਜਾ ਕੀ ਬਖਸ ਨ ਮੇਟੈ ਕੋਇ ॥
ਸਿਮਰਿ ਸਿਮਰਿ ਪ੍ਰਭੁ ਨਿਰਭਉ ਹੋਇ ॥੨॥
ਆਠ ਪਹਰ ਸਿਮਰਹੁ ਪ੍ਰਭ ਨਾਮੁ ॥
ਅਨਿਕ ਤੀਰਥ ਮਜਨੁ ਇਸਨਾਨੁ ॥
ਪਾਰਬ੍ਰਹਮ ਕੀ ਸਰਣੀ ਪਾਹਿ ॥
ਕੋਟਿ ਕਲੰਕ ਖਿਨ ਮਹਿ ਮਿਟਿ ਜਾਹਿ ॥੩॥
ਬੇਮੁਹਤਾਜੁ ਪੂਰਾ ਪਾਤਿਸਾਹੁ ॥
ਪ੍ਰਭ ਸੇਵਕ ਸਾਚਾ ਵੇਸਾਹੁ ॥
ਗੁਰਿ ਪੂਰੈ ਰਾਖੇ ਦੇ ਹਾਥ ॥
ਨਾਨਕ ਪਾਰਬ੍ਰਹਮ ਸਮਰਾਥ ॥੪॥੨੬॥੯੫॥