*ਗਉੜੀ ਮਹਲਾ ੫ ॥*
ਤੂੰ ਸਮਰਥੁ ਤੂੰਹੈ ਮੇਰਾ ਸੁਆਮੀ ॥
ਸਭੁ ਕਿਛੁ ਤੁਮ ਤੇ ਤੂੰ ਅੰਤਰਜਾਮੀ ॥੧॥
ਪਾਰਬ੍ਰਹਮ ਪੂਰਨ ਜਨ ਓਟ ॥
ਤੇਰੀ ਸਰਣਿ ਉਧਰਹਿ ਜਨ ਕੋਟਿ ॥੧॥ ਰਹਾਉ ॥
ਜੇਤੇ ਜੀਅ ਤੇਤੇ ਸਭਿ ਤੇਰੇ ॥
ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥੨॥
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥
ਹੁਕਮੁ ਬੂਝੈ ਸੋ ਸਚਿ ਸਮਾਣਾ ॥੩॥
ਕਰਿ ਕਿਰਪਾ ਦੀਜੈ ਪ੍ਰਭ ਦਾਨੁ ॥
ਨਾਨਕ ਸਿਮਰੈ ਨਾਮੁ ਨਿਧਾਨੁ ॥੪॥੬੬॥੧੩੫॥
*ਗਉੜੀ ਮਹਲਾ ੫ ॥*
ਤਾ ਕਾ ਦਰਸੁ ਪਾਈਐ ਵਡਭਾਗੀ ॥
ਜਾ ਕੀ ਰਾਮ ਨਾਮਿ ਲਿਵ ਲਾਗੀ ॥੧॥
ਜਾ ਕੈ ਹਰਿ ਵਸਿਆ ਮਨ ਮਾਹੀ ॥
ਤਾ ਕਉ ਦੁਖੁ ਸੁਪਨੈ ਭੀ ਨਾਹੀ ॥੧॥ ਰਹਾਉ ॥
ਸਰਬ ਨਿਧਾਨ ਰਾਖੇ ਜਨ ਮਾਹਿ ॥
ਤਾ ਕੈ ਸੰਗਿ ਕਿਲਵਿਖ ਦੁਖ ਜਾਹਿ ॥੨॥
ਜਨ ਕੀ ਮਹਿਮਾ ਕਥੀ ਨ ਜਾਇ ॥
ਪਾਰਬ੍ਰਹਮੁ ਜਨੁ ਰਹਿਆ ਸਮਾਇ ॥੩॥
ਕਰਿ ਕਿਰਪਾ ਪ੍ਰਭ ਬਿਨਉ ਸੁਨੀਜੈ ॥
ਦਾਸ ਕੀ ਧੂਰਿ ਨਾਨਕ ਕਉ ਦੀਜੈ ॥੪॥੬੭॥੧੩੬॥
*ਗਉੜੀ ਮਹਲਾ ੫ ॥*
ਹਰਿ ਸਿਮਰਤ ਤੇਰੀ ਜਾਇ ਬਲਾਇ ॥
ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥
ਜੀਅ ਤੇਰੇ ਕੈ ਆਵੈ ਕਾਮ ॥੧॥ ਰਹਾਉ ॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥
ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥
ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥
ਨਾਨਕ ਜਾ ਕਉ ਨਦਰਿ ਕਰੇ ॥੪॥੬੮॥੧੩੭॥
*ਗਉੜੀ ਮਹਲਾ ੫ ॥*
ਹਿਰਦੈ ਚਰਨ ਕਮਲ ਪ੍ਰਭ ਧਾਰੇ ॥
ਪੂਰੇ ਸਤਿਗੁਰ ਮਿਲਿ ਨਿਸਤਾਰੇ ॥੧॥
ਗੋਵਿੰਦ ਗੁਣ ਗਾਵਹੁ ਮੇਰੇ ਭਾਈ ॥
ਮਿਲਿ ਸਾਧੂ ਹਰਿ ਨਾਮੁ ਧਿਆਈ ॥੧॥ ਰਹਾਉ ॥
ਦੁਲਭ ਦੇਹ ਹੋਈ ਪਰਵਾਨੁ ॥
ਸਤਿਗੁਰ ਤੇ ਪਾਇਆ ਨਾਮ ਨੀਸਾਨੁ ॥੨॥
ਹਰਿ ਸਿਮਰਤ ਪੂਰਨ ਪਦੁ ਪਾਇਆ ॥
ਸਾਧਸੰਗਿ ਭੈ ਭਰਮ ਮਿਟਾਇਆ ॥੩॥
ਜਤ ਕਤ ਦੇਖਉ ਤਤ ਰਹਿਆ ਸਮਾਇ ॥
ਨਾਨਕ ਦਾਸ ਹਰਿ ਕੀ ਸਰਣਾਇ ॥੪॥੬੯॥੧੩੮॥
*ਗਉੜੀ ਮਹਲਾ ੫ ॥*
ਗੁਰ ਜੀ ਕੇ ਦਰਸਨ ਕਉ ਬਲਿ ਜਾਉ ॥
ਜਪਿ ਜਪਿ ਜੀਵਾ ਸਤਿਗੁਰ ਨਾਉ ॥੧॥
ਪਾਰਬ੍ਰਹਮ ਪੂਰਨ ਗੁਰਦੇਵ ॥
ਕਰਿ ਕਿਰਪਾ ਲਾਗਉ ਤੇਰੀ ਸੇਵ ॥੧॥ ਰਹਾਉ ॥
ਚਰਨ ਕਮਲ ਹਿਰਦੈ ਉਰ ਧਾਰੀ ॥
ਮਨ ਤਨ ਧਨ ਗੁਰ ਪ੍ਰਾਨ ਅਧਾਰੀ ॥੨॥
ਸਫਲ ਜਨਮੁ ਹੋਵੈ ਪਰਵਾਣੁ ॥
ਗੁਰੁ ਪਾਰਬ੍ਰਹਮੁ ਨਿਕਟਿ ਕਰਿ ਜਾਣੁ ॥੩॥
ਸੰਤ ਧੂਰਿ ਪਾਈਐ ਵਡਭਾਗੀ ॥
ਨਾਨਕ ਗੁਰ ਭੇਟਤ ਹਰਿ ਸਿਉ ਲਿਵ ਲਾਗੀ ॥੪॥੭੦॥੧੩੯॥
194
*ਗਉੜੀ ਮਹਲਾ ੫ ॥*
ਕਰੈ ਦੁਹਕਰਮ ਦਿਖਾਵੈ ਹੋਰੁ ॥
ਰਾਮ ਕੀ ਦਰਗਹ ਬਾਧਾ ਚੋਰੁ ॥੧॥
ਰਾਮੁ ਰਮੈ ਸੋਈ ਰਾਮਾਣਾ ॥
ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥
ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥
ਜਮ ਪੁਰਿ ਬਾਧਾ ਚੋਟਾ ਖਾਵੈ ॥੨॥
ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥
ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥
ਅੰਤਰਿ ਸਾਚਿ ਨਾਮਿ ਰਸਿ ਰਾਤਾ ॥
ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥
*ਗਉੜੀ ਮਹਲਾ ੫ ॥*
ਰਾਮ ਰੰਗੁ ਕਦੇ ਉਤਰਿ ਨ ਜਾਇ ॥
ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥
ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥
ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥
ਸੰਤਹ ਸੰਗਿ ਬੈਸਿ ਗੁਨ ਗਾਇ ॥
ਤਾ ਕਾ ਰੰਗੁ ਨ ਉਤਰੈ ਜਾਇ ॥੨॥
ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥
ਆਨ ਰੰਗ ਫੀਕੇ ਸਭ ਮਾਇਆ ॥੩॥
ਗੁਰਿ ਰੰਗੇ ਸੇ ਭਏ ਨਿਹਾਲ ॥
ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥
*ਗਉੜੀ ਮਹਲਾ ੫ ॥*
ਸਿਮਰਤ ਸੁਆਮੀ ਕਿਲਵਿਖ ਨਾਸੇ ॥
ਸੂਖ ਸਹਜ ਆਨੰਦ ਨਿਵਾਸੇ ॥੧॥
ਰਾਮ ਜਨਾ ਕਉ ਰਾਮ ਭਰੋਸਾ ॥
ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥
ਸਾਧਸੰਗਿ ਕਛੁ ਭਉ ਨ ਭਰਾਤੀ ॥
ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥
ਕਰਿ ਕਿਰਪਾ ਪ੍ਰਭ ਬੰਧਨ ਛੋਟ ॥
ਚਰਣ ਕਮਲ ਕੀ ਦੀਨੀ ਓਟ ॥੩॥
ਕਹੁ ਨਾਨਕ ਮਨਿ ਭਈ ਪਰਤੀਤਿ ॥
ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥
*ਗਉੜੀ ਮਹਲਾ ੫ ॥*
ਹਰਿ ਚਰਣੀ ਜਾ ਕਾ ਮਨੁ ਲਾਗਾ ॥
ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥
ਹਰਿ ਧਨ ਕੋ ਵਾਪਾਰੀ ਪੂਰਾ ॥
ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥
ਜਾ ਕਉ ਭਏ ਕ੍ਰਿਪਾਲ ਗੁਸਾਈ ॥
ਸੇ ਜਨ ਲਾਗੇ ਗੁਰ ਕੀ ਪਾਈ ॥੨॥
ਸੂਖ ਸਹਜ ਸਾਂਤਿ ਆਨੰਦਾ ॥
ਜਪਿ ਜਪਿ ਜੀਵੇ ਪਰਮਾਨੰਦਾ ॥੩॥
ਨਾਮ ਰਾਸਿ ਸਾਧ ਸੰਗਿ ਖਾਟੀ ॥
ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥
*ਗਉੜੀ ਮਹਲਾ ੫ ॥*
ਹਰਿ ਸਿਮਰਤ ਸਭਿ ਮਿਟਹਿ ਕਲੇਸ ॥
ਚਰਣ ਕਮਲ ਮਨ ਮਹਿ ਪਰਵੇਸ ॥੧॥
ਉਚਰਹੁ ਰਾਮ ਨਾਮੁ ਲਖ ਬਾਰੀ ॥
ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
ਸੂਖ ਸਹਜ ਰਸ ਮਹਾ ਅਨੰਦਾ ॥
ਜਪਿ ਜਪਿ ਜੀਵੇ ਪਰਮਾਨੰਦਾ ॥੨॥
ਕਾਮ ਕ੍ਰੋਧ ਲੋਭ ਮਦ ਖੋਏ ॥
ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥
195
*ਗਉੜੀ ਮਹਲਾ ੫ ॥*
ਜਿਸ ਕਾ ਦੀਆ ਪੈਨੈ ਖਾਇ ॥
ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥
ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥
ਦਾਸਿ ਸਲਾਮੁ ਕਰਤ ਕਤ ਸੋਭਾ ॥੨॥
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥
ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥
ਕਹੁ ਨਾਨਕ ਹਮ ਲੂਣ ਹਰਾਮੀ ॥
ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥
*ਗਉੜੀ ਮਹਲਾ ੫ ॥*
ਪ੍ਰਭ ਕੇ ਚਰਨ ਮਨ ਮਾਹਿ ਧਿਆਨੁ ॥
ਸਗਲ ਤੀਰਥ ਮਜਨ ਇਸਨਾਨੁ ॥੧॥
ਹਰਿ ਦਿਨੁ ਹਰਿ ਸਿਮਰਨੁ ਮੇਰੇ ਭਾਈ ॥
ਕੋਟਿ ਜਨਮ ਕੀ ਮਲੁ ਲਹਿ ਜਾਈ ॥੧॥ ਰਹਾਉ ॥
ਹਰਿ ਕੀ ਕਥਾ ਰਿਦ ਮਾਹਿ ਬਸਾਈ ॥
ਮਨ ਬਾਂਛਤ ਸਗਲੇ ਫਲ ਪਾਈ ॥੨॥
ਜੀਵਨ ਮਰਣੁ ਜਨਮੁ ਪਰਵਾਨੁ ॥
ਜਾ ਕੈ ਰਿਦੈ ਵਸੈ ਭਗਵਾਨੁ ॥੩॥
ਕਹੁ ਨਾਨਕ ਸੇਈ ਜਨ ਪੂਰੇ ॥
ਜਿਨਾ ਪਰਾਪਤਿ ਸਾਧੂ ਧੂਰੇ ॥੪॥੭੭॥੧੪੬॥
*ਗਉੜੀ ਮਹਲਾ ੫ ॥*
ਖਾਦਾ ਪੈਨਦਾ ਮੂਕਰਿ ਪਾਇ ॥
ਤਿਸ ਨੋ ਜੋਹਹਿ ਦੂਤ ਧਰਮਰਾਇ ॥੧॥
ਤਿਸੁ ਸਿਉ ਬੇਮੁਖੁ ਜਿਨਿ ਜੀਉ ਪਿੰਡੁ ਦੀਨਾ ॥
ਕੋਟਿ ਜਨਮ ਭਰਮਹਿ ਬਹੁ ਜੂਨਾ ॥੧॥ ਰਹਾਉ ॥
ਸਾਕਤ ਕੀ ਐਸੀ ਹੈ ਰੀਤਿ ॥
ਜੋ ਕਿਛੁ ਕਰੈ ਸਗਲ ਬਿਪਰੀਤਿ ॥੨॥
ਜੀਉ ਪ੍ਰਾਣ ਜਿਨਿ ਮਨੁ ਤਨੁ ਧਾਰਿਆ ॥
ਸੋਈ ਠਾਕੁਰੁ ਮਨਹੁ ਬਿਸਾਰਿਆ ॥੩॥
ਬਧੇ ਬਿਕਾਰ ਲਿਖੇ ਬਹੁ ਕਾਗਰ ॥
ਨਾਨਕ ਉਧਰੁ ਕ੍ਰਿਪਾ ਸੁਖ ਸਾਗਰ ॥੪॥
ਪਾਰਬ੍ਰਹਮ ਤੇਰੀ ਸਰਣਾਇ ॥
ਬੰਧਨ ਕਾਟਿ ਤਰੈ ਹਰਿ ਨਾਇ ॥੧॥ ਰਹਾਉ ਦੂਜਾ ॥੭੮॥੧੪੭॥
*ਗਉੜੀ ਮਹਲਾ ੫ ॥*
ਅਪਨੇ ਲੋਭ ਕਉ ਕੀਨੋ ਮੀਤੁ ॥
ਸਗਲ ਮਨੋਰਥ ਮੁਕਤਿ ਪਦੁ ਦੀਤੁ ॥੧॥
ਐਸਾ ਮੀਤੁ ਕਰਹੁ ਸਭੁ ਕੋਇ ॥
ਜਾ ਤੇ ਬਿਰਥਾ ਕੋਇ ਨ ਹੋਇ ॥੧॥ ਰਹਾਉ ॥
ਅਪੁਨੈ ਸੁਆਇ ਰਿਦੈ ਲੈ ਧਾਰਿਆ ॥
ਦੂਖ ਦਰਦ ਰੋਗ ਸਗਲ ਬਿਦਾਰਿਆ ॥੨॥
ਰਸਨਾ ਗੀਧੀ ਬੋਲਤ ਰਾਮ ॥
ਪੂਰਨ ਹੋਏ ਸਗਲੇ ਕਾਮ ॥੩॥
ਅਨਿਕ ਬਾਰ ਨਾਨਕ ਬਲਿਹਾਰਾ ॥
ਸਫਲ ਦਰਸਨੁ ਗੋਬਿੰਦੁ ਹਮਾਰਾ ॥੪॥੭੯॥੧੪੮॥
*ਗਉੜੀ ਮਹਲਾ ੫ ॥*
ਕੋਟਿ ਬਿਘਨ ਹਿਰੇ ਖਿਨ ਮਾਹਿ ॥
ਹਰਿ ਹਰਿ ਕਥਾ ਸਾਧਸੰਗਿ ਸੁਨਾਹਿ ॥੧॥
ਪੀਵਤ ਰਾਮ ਰਸੁ ਅੰਮ੍ਰਿਤ ਗੁਣ ਜਾਸੁ ॥
ਜਪਿ ਹਰਿ ਚਰਣ ਮਿਟੀ ਖੁਧਿ ਤਾਸੁ ॥੧॥ ਰਹਾਉ ॥
ਸਰਬ ਕਲਿਆਣ ਸੁਖ ਸਹਜ ਨਿਧਾਨ ॥
ਜਾ ਕੈ ਰਿਦੈ ਵਸਹਿ ਭਗਵਾਨ ॥੨॥
196
ਅਉਖਧ ਮੰਤ੍ਰ ਤੰਤ ਸਭਿ ਛਾਰੁ ॥
ਕਰਣੈਹਾਰੁ ਰਿਦੇ ਮਹਿ ਧਾਰੁ ॥੩॥
ਤਜਿ ਸਭਿ ਭਰਮ ਭਜਿਓ ਪਾਰਬ੍ਰਹਮੁ ॥
ਕਹੁ ਨਾਨਕ ਅਟਲ ਇਹੁ ਧਰਮੁ ॥੪॥੮੦॥੧੪੯॥
*ਗਉੜੀ ਮਹਲਾ ੫ ॥*
ਕਰਿ ਕਿਰਪਾ ਭੇਟੇ ਗੁਰ ਸੋਈ ॥
ਤਿਤੁ ਬਲਿ ਰੋਗੁ ਨ ਬਿਆਪੈ ਕੋਈ ॥੧॥
ਰਾਮ ਰਮਣ ਤਰਣ ਭੈ ਸਾਗਰ ॥
ਸਰਣਿ ਸੂਰ ਫਾਰੇ ਜਮ ਕਾਗਰ ॥੧॥ ਰਹਾਉ ॥
ਸਤਿਗੁਰਿ ਮੰਤ੍ਰੁ ਦੀਓ ਹਰਿ ਨਾਮ ॥
ਇਹ ਆਸਰ ਪੂਰਨ ਭਏ ਕਾਮ ॥੨॥
ਜਪ ਤਪ ਸੰਜਮ ਪੂਰੀ ਵਡਿਆਈ ॥
ਗੁਰ ਕਿਰਪਾਲ ਹਰਿ ਭਏ ਸਹਾਈ ॥੩॥
ਮਾਨ ਮੋਹ ਖੋਏ ਗੁਰਿ ਭਰਮ ॥
ਪੇਖੁ ਨਾਨਕ ਪਸਰੇ ਪਾਰਬ੍ਰਹਮ ॥੪॥੮੧॥੧੫੦॥
*ਗਉੜੀ ਮਹਲਾ ੫ ॥*
ਬਿਖੈ ਰਾਜ ਤੇ ਅੰਧੁਲਾ ਭਾਰੀ ॥
ਦੁਖਿ ਲਾਗੈ ਰਾਮ ਨਾਮੁ ਚਿਤਾਰੀ ॥੧॥
ਤੇਰੇ ਦਾਸ ਕਉ ਤੁਹੀ ਵਡਿਆਈ ॥
ਮਾਇਆ ਮਗਨੁ ਨਰਕਿ ਲੈ ਜਾਈ ॥੧॥ ਰਹਾਉ ॥
ਰੋਗ ਗਿਰਸਤ ਚਿਤਾਰੇ ਨਾਉ ॥
ਬਿਖੁ ਮਾਤੇ ਕਾ ਠਉਰ ਨ ਠਾਉ ॥੨॥
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਆਨ ਸੁਖਾ ਨਹੀ ਆਵਹਿ ਚੀਤਿ ॥੩॥
ਸਦਾ ਸਦਾ ਸਿਮਰਉ ਪ੍ਰਭ ਸੁਆਮੀ ॥
ਮਿਲੁ ਨਾਨਕ ਹਰਿ ਅੰਤਰਜਾਮੀ ॥੪॥੮੨॥੧੫੧॥
*ਗਉੜੀ ਮਹਲਾ ੫ ॥*
ਆਠ ਪਹਰ ਸੰਗੀ ਬਟਵਾਰੇ ॥
ਕਰਿ ਕਿਰਪਾ ਪ੍ਰਭਿ ਲਏ ਨਿਵਾਰੇ ॥੧॥
ਐਸਾ ਹਰਿ ਰਸੁ ਰਮਹੁ ਸਭੁ ਕੋਇ ॥
ਸਰਬ ਕਲਾ ਪੂਰਨ ਪ੍ਰਭੁ ਸੋਇ ॥੧॥ ਰਹਾਉ ॥
ਮਹਾ ਤਪਤਿ ਸਾਗਰ ਸੰਸਾਰ ॥
ਪ੍ਰਭ ਖਿਨ ਮਹਿ ਪਾਰਿ ਉਤਾਰਣਹਾਰ ॥੨॥
ਅਨਿਕ ਬੰਧਨ ਤੋਰੇ ਨਹੀ ਜਾਹਿ ॥
ਸਿਮਰਤ ਨਾਮ ਮੁਕਤਿ ਫਲ ਪਾਹਿ ॥੩॥
ਉਕਤਿ ਸਿਆਨਪ ਇਸ ਤੇ ਕਛੁ ਨਾਹਿ ॥
ਕਰਿ ਕਿਰਪਾ ਨਾਨਕ ਗੁਣ ਗਾਹਿ ॥੪॥੮੩॥੧੫੨॥
*ਗਉੜੀ ਮਹਲਾ ੫ ॥*
ਥਾਤੀ ਪਾਈ ਹਰਿ ਕੋ ਨਾਮ ॥
ਬਿਚਰੁ ਸੰਸਾਰ ਪੂਰਨ ਸਭਿ ਕਾਮ ॥੧॥
ਵਡਭਾਗੀ ਹਰਿ ਕੀਰਤਨੁ ਗਾਈਐ ॥
ਪਾਰਬ੍ਰਹਮ ਤੂੰ ਦੇਹਿ ਤ ਪਾਈਐ ॥੧॥ ਰਹਾਉ ॥
ਹਰਿ ਕੇ ਚਰਣ ਹਿਰਦੈ ਉਰਿ ਧਾਰਿ ॥
ਭਵ ਸਾਗਰੁ ਚੜਿ ਉਤਰਹਿ ਪਾਰਿ ॥੨॥
ਸਾਧੂ ਸੰਗੁ ਕਰਹੁ ਸਭੁ ਕੋਇ ॥
ਸਦਾ ਕਲਿਆਣ ਫਿਰਿ ਦੂਖੁ ਨ ਹੋਇ ॥੩॥
ਪ੍ਰੇਮ ਭਗਤਿ ਭਜੁ ਗੁਣੀ ਨਿਧਾਨੁ ॥
ਨਾਨਕ ਦਰਗਹ ਪਾਈਐ ਮਾਨੁ ॥੪॥੮੪॥੧੫੩॥