281

*ਅਸਟਪਦੀ ॥*
ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥
ਦੇਵਨ ਕਉ ਏਕੈ ਭਗਵਾਨੁ ॥
ਜਿਸ ਕੈ ਦੀਐ ਰਹੈ ਅਘਾਇ ॥
ਬਹੁਰਿ ਨ ਤ੍ਰਿਸਨਾ ਲਾਗੈ ਆਇ ॥
ਮਾਰੈ ਰਾਖੈ ਏਕੋ ਆਪਿ ॥
ਮਾਨੁਖ ਕੈ ਕਿਛੁ ਨਾਹੀ ਹਾਥਿ ॥
ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥
ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥
ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥
ਨਾਨਕ ਬਿਘਨੁ ਨ ਲਾਗੈ ਕੋਇ ॥੧॥
ਉਸਤਤਿ ਮਨ ਮਹਿ ਕਰਿ ਨਿਰੰਕਾਰ ॥
ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥
ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥
ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥
ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥
ਹਰਿ ਦਰਗਹ ਨਾਨਕ ਊਜਲ ਮਥਾ ॥੨॥
ਬਡਭਾਗੀ ਤੇ ਜਨ ਜਗ ਮਾਹਿ ॥
ਸਦਾ ਸਦਾ ਹਰਿ ਕੇ ਗੁਨ ਗਾਹਿ ॥
ਰਾਮ ਨਾਮ ਜੋ ਕਰਹਿ ਬੀਚਾਰ ॥
ਸੇ ਧਨਵੰਤ ਗਨੀ ਸੰਸਾਰ ॥
ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥
ਸਦਾ ਸਦਾ ਜਾਨਹੁ ਤੇ ਸੁਖੀ ॥
ਏਕੋ ਏਕੁ ਏਕੁ ਪਛਾਨੈ ॥
ਇਤ ਉਤ ਕੀ ਓਹੁ ਸੋਝੀ ਜਾਨੈ ॥
ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥
ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥
ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥
ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥
ਸਾਧਸੰਗਿ ਹਰਿ ਹਰਿ ਜਸੁ ਕਹਤ ॥
ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥
ਅਨਦਿਨੁ ਕੀਰਤਨੁ ਕੇਵਲ ਬਖ੍ਯ੍ਯਾਨੁ ॥
ਗ੍ਰਿਹਸਤ ਮਹਿ ਸੋਈ ਨਿਰਬਾਨੁ ॥
ਏਕ ਊਪਰਿ ਜਿਸੁ ਜਨ ਕੀ ਆਸਾ ॥
ਤਿਸ ਕੀ ਕਟੀਐ ਜਮ ਕੀ ਫਾਸਾ ॥
ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥
ਨਾਨਕ ਤਿਸਹਿ ਨ ਲਾਗਹਿ ਦੂਖ ॥੪॥
ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥
ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥
ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥
ਸੋ ਸੇਵਕੁ ਕਹੁ ਕਿਸ ਤੇ ਡਰੈ ॥
ਜੈਸਾ ਸਾ ਤੈਸਾ ਦ੍ਰਿਸਟਾਇਆ ॥
ਅਪੁਨੇ ਕਾਰਜ ਮਹਿ ਆਪਿ ਸਮਾਇਆ ॥
ਸੋਧਤ ਸੋਧਤ ਸੋਧਤ ਸੀਝਿਆ ॥
ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥
ਜਬ ਦੇਖਉ ਤਬ ਸਭੁ ਕਿਛੁ ਮੂਲੁ ॥
ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥
ਨਹ ਕਿਛੁ ਜਨਮੈ ਨਹ ਕਿਛੁ ਮਰੈ ॥
ਆਪਨ ਚਲਿਤੁ ਆਪ ਹੀ ਕਰੈ ॥
ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥
ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥

282

ਆਪੇ ਆਪਿ ਸਗਲ ਮਹਿ ਆਪਿ ॥
ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥
ਅਬਿਨਾਸੀ ਨਾਹੀ ਕਿਛੁ ਖੰਡ ॥
ਧਾਰਣ ਧਾਰਿ ਰਹਿਓ ਬ੍ਰਹਮੰਡ ॥
ਅਲਖ ਅਭੇਵ ਪੁਰਖ ਪਰਤਾਪ ॥
ਆਪਿ ਜਪਾਏ ਤ ਨਾਨਕ ਜਾਪ ॥੬॥
ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥
ਸਗਲ ਸੰਸਾਰੁ ਉਧਰੈ ਤਿਨ ਮੰਤ ॥
ਪ੍ਰਭ ਕੇ ਸੇਵਕ ਸਗਲ ਉਧਾਰਨ ॥
ਪ੍ਰਭ ਕੇ ਸੇਵਕ ਦੂਖ ਬਿਸਾਰਨ ॥
ਆਪੇ ਮੇਲਿ ਲਏ ਕਿਰਪਾਲ ॥
ਗੁਰ ਕਾ ਸਬਦੁ ਜਪਿ ਭਏ ਨਿਹਾਲ ॥
ਉਨ ਕੀ ਸੇਵਾ ਸੋਈ ਲਾਗੈ ॥
ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥
ਨਾਮੁ ਜਪਤ ਪਾਵਹਿ ਬਿਸ੍ਰਾਮੁ ॥
ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥
ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥
ਸਦਾ ਸਦਾ ਬਸੈ ਹਰਿ ਸੰਗਿ ॥
ਸਹਜ ਸੁਭਾਇ ਹੋਵੈ ਸੋ ਹੋਇ ॥
ਕਰਣੈਹਾਰੁ ਪਛਾਣੈ ਸੋਇ ॥
ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥
ਜੈਸਾ ਸਾ ਤੈਸਾ ਦ੍ਰਿਸਟਾਨਾ ॥
ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥
ਓਇ ਸੁਖ ਨਿਧਾਨ ਉਨਹੂ ਬਨਿ ਆਏ ॥
ਆਪਸ ਕਉ ਆਪਿ ਦੀਨੋ ਮਾਨੁ ॥
ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
*ਸਲੋਕੁ ॥*
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥
ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥
*ਅਸਟਪਦੀ ॥*
ਟੂਟੀ ਗਾਢਨਹਾਰ ਗੋਪਾਲ ॥
ਸਰਬ ਜੀਆ ਆਪੇ ਪ੍ਰਤਿਪਾਲ ॥
ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
ਤਿਸ ਤੇ ਬਿਰਥਾ ਕੋਈ ਨਾਹਿ ॥
ਰੇ ਮਨ ਮੇਰੇ ਸਦਾ ਹਰਿ ਜਾਪਿ ॥
ਅਬਿਨਾਸੀ ਪ੍ਰਭੁ ਆਪੇ ਆਪਿ ॥
ਆਪਨ ਕੀਆ ਕਛੂ ਨ ਹੋਇ ॥
ਜੇ ਸਉ ਪ੍ਰਾਨੀ ਲੋਚੈ ਕੋਇ ॥
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥
ਰੂਪਵੰਤੁ ਹੋਇ ਨਾਹੀ ਮੋਹੈ ॥
ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥
ਧਨਵੰਤਾ ਹੋਇ ਕਿਆ ਕੋ ਗਰਬੈ ॥
ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥
ਅਤਿ ਸੂਰਾ ਜੇ ਕੋਊ ਕਹਾਵੈ ॥
ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥
ਜੇ ਕੋ ਹੋਇ ਬਹੈ ਦਾਤਾਰੁ ॥
ਤਿਸੁ ਦੇਨਹਾਰੁ ਜਾਨੈ ਗਾਵਾਰੁ ॥
ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥
ਨਾਨਕ ਸੋ ਜਨੁ ਸਦਾ ਅਰੋਗੁ ॥੨॥
ਜਿਉ ਮੰਦਰ ਕਉ ਥਾਮੈ ਥੰਮਨੁ ॥
ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥
ਜਿਉ ਪਾਖਾਣੁ ਨਾਵ ਚੜਿ ਤਰੈ ॥
ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥
ਜਿਉ ਅੰਧਕਾਰ ਦੀਪਕ ਪਰਗਾਸੁ ॥
ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥
ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥
ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥
ਤਿਨ ਸੰਤਨ ਕੀ ਬਾਛਉ ਧੂਰਿ ॥
ਨਾਨਕ ਕੀ ਹਰਿ ਲੋਚਾ ਪੂਰਿ ॥੩॥
ਮਨ ਮੂਰਖ ਕਾਹੇ ਬਿਲਲਾਈਐ ॥

283

ਪੁਰਬ ਲਿਖੇ ਕਾ ਲਿਖਿਆ ਪਾਈਐ ॥
ਦੂਖ ਸੂਖ ਪ੍ਰਭ ਦੇਵਨਹਾਰੁ ॥
ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥
ਜੋ ਕਛੁ ਕਰੈ ਸੋਈ ਸੁਖੁ ਮਾਨੁ ॥
ਭੂਲਾ ਕਾਹੇ ਫਿਰਹਿ ਅਜਾਨ ॥
ਕਉਨ ਬਸਤੁ ਆਈ ਤੇਰੈ ਸੰਗ ॥
ਲਪਟਿ ਰਹਿਓ ਰਸਿ ਲੋਭੀ ਪਤੰਗ ॥
ਰਾਮ ਨਾਮ ਜਪਿ ਹਿਰਦੇ ਮਾਹਿ ॥
ਨਾਨਕ ਪਤਿ ਸੇਤੀ ਘਰਿ ਜਾਹਿ ॥੪॥
ਜਿਸੁ ਵਖਰ ਕਉ ਲੈਨਿ ਤੂ ਆਇਆ ॥
ਰਾਮ ਨਾਮੁ ਸੰਤਨ ਘਰਿ ਪਾਇਆ ॥
ਤਜਿ ਅਭਿਮਾਨੁ ਲੇਹੁ ਮਨ ਮੋਲਿ ॥
ਰਾਮ ਨਾਮੁ ਹਿਰਦੇ ਮਹਿ ਤੋਲਿ ॥
ਲਾਦਿ ਖੇਪ ਸੰਤਹ ਸੰਗਿ ਚਾਲੁ ॥
ਅਵਰ ਤਿਆਗਿ ਬਿਖਿਆ ਜੰਜਾਲ ॥
ਧੰਨਿ ਧੰਨਿ ਕਹੈ ਸਭੁ ਕੋਇ ॥
ਮੁਖ ਊਜਲ ਹਰਿ ਦਰਗਹ ਸੋਇ ॥
ਇਹੁ ਵਾਪਾਰੁ ਵਿਰਲਾ ਵਾਪਾਰੈ ॥
ਨਾਨਕ ਤਾ ਕੈ ਸਦ ਬਲਿਹਾਰੈ ॥੫॥
ਚਰਨ ਸਾਧ ਕੇ ਧੋਇ ਧੋਇ ਪੀਉ ॥
ਅਰਪਿ ਸਾਧ ਕਉ ਅਪਨਾ ਜੀਉ ॥
ਸਾਧ ਕੀ ਧੂਰਿ ਕਰਹੁ ਇਸਨਾਨੁ ॥
ਸਾਧ ਊਪਰਿ ਜਾਈਐ ਕੁਰਬਾਨੁ ॥
ਸਾਧ ਸੇਵਾ ਵਡਭਾਗੀ ਪਾਈਐ ॥
ਸਾਧਸੰਗਿ ਹਰਿ ਕੀਰਤਨੁ ਗਾਈਐ ॥
ਅਨਿਕ ਬਿਘਨ ਤੇ ਸਾਧੂ ਰਾਖੈ ॥
ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥
ਓਟ ਗਹੀ ਸੰਤਹ ਦਰਿ ਆਇਆ ॥
ਸਰਬ ਸੂਖ ਨਾਨਕ ਤਿਹ ਪਾਇਆ ॥੬॥
ਮਿਰਤਕ ਕਉ ਜੀਵਾਲਨਹਾਰ ॥
ਭੂਖੇ ਕਉ ਦੇਵਤ ਅਧਾਰ ॥
ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥
ਪੁਰਬ ਲਿਖੇ ਕਾ ਲਹਣਾ ਪਾਹਿ ॥
ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥
ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥
ਜਪਿ ਜਨ ਸਦਾ ਸਦਾ ਦਿਨੁ ਰੈਣੀ ॥
ਸਭ ਤੇ ਊਚ ਨਿਰਮਲ ਇਹ ਕਰਣੀ ॥
ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥
ਨਾਨਕ ਸੋ ਜਨੁ ਨਿਰਮਲੁ ਥੀਆ ॥੭॥
ਜਾ ਕੈ ਮਨਿ ਗੁਰ ਕੀ ਪਰਤੀਤਿ ॥
ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥
ਭਗਤੁ ਭਗਤੁ ਸੁਨੀਐ ਤਿਹੁ ਲੋਇ ॥
ਜਾ ਕੈ ਹਿਰਦੈ ਏਕੋ ਹੋਇ ॥
ਸਚੁ ਕਰਣੀ ਸਚੁ ਤਾ ਕੀ ਰਹਤ ॥
ਸਚੁ ਹਿਰਦੈ ਸਤਿ ਮੁਖਿ ਕਹਤ ॥
ਸਾਚੀ ਦ੍ਰਿਸਟਿ ਸਾਚਾ ਆਕਾਰੁ ॥
ਸਚੁ ਵਰਤੈ ਸਾਚਾ ਪਾਸਾਰੁ ॥
ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥
ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥
*ਸਲੋਕੁ ॥*
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥
ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥
*ਅਸਟਪਦੀ ॥*
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥
ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥
ਤਿਸ ਤੇ ਪਰੈ ਨਾਹੀ ਕਿਛੁ ਕੋਇ ॥
ਸਰਬ ਨਿਰੰਤਰਿ ਏਕੋ ਸੋਇ ॥
ਆਪੇ ਬੀਨਾ ਆਪੇ ਦਾਨਾ ॥
ਗਹਿਰ ਗੰਭੀਰੁ ਗਹੀਰੁ ਸੁਜਾਨਾ ॥
ਪਾਰਬ੍ਰਹਮ ਪਰਮੇਸੁਰ ਗੋਬਿੰਦ ॥
ਕ੍ਰਿਪਾ ਨਿਧਾਨ ਦਇਆਲ ਬਖਸੰਦ ॥
ਸਾਧ ਤੇਰੇ ਕੀ ਚਰਨੀ ਪਾਉ ॥

284

ਨਾਨਕ ਕੈ ਮਨਿ ਇਹੁ ਅਨਰਾਉ ॥੧॥
ਮਨਸਾ ਪੂਰਨ ਸਰਨਾ ਜੋਗ ॥
ਜੋ ਕਰਿ ਪਾਇਆ ਸੋਈ ਹੋਗੁ ॥
ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥
ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥
ਅਨਦ ਰੂਪ ਮੰਗਲ ਸਦ ਜਾ ਕੈ ॥
ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥
ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥
ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥
ਧਿਆਇ ਧਿਆਇ ਭਗਤਹ ਸੁਖੁ ਪਾਇਆ ॥
ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥
ਜਾ ਕੀ ਲੀਲਾ ਕੀ ਮਿਤਿ ਨਾਹਿ ॥
ਸਗਲ ਦੇਵ ਹਾਰੇ ਅਵਗਾਹਿ ॥
ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥
ਸਗਲ ਪਰੋਈ ਅਪੁਨੈ ਸੂਤਿ ॥
ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥
ਜਨ ਦਾਸ ਨਾਮੁ ਧਿਆਵਹਿ ਸੇਇ ॥
ਤਿਹੁ ਗੁਣ ਮਹਿ ਜਾ ਕਉ ਭਰਮਾਏ ॥
ਜਨਮਿ ਮਰੈ ਫਿਰਿ ਆਵੈ ਜਾਏ ॥
ਊਚ ਨੀਚ ਤਿਸ ਕੇ ਅਸਥਾਨ ॥
ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥
ਨਾਨਾ ਰੂਪ ਨਾਨਾ ਜਾ ਕੇ ਰੰਗ ॥
ਨਾਨਾ ਭੇਖ ਕਰਹਿ ਇਕ ਰੰਗ ॥
ਨਾਨਾ ਬਿਧਿ ਕੀਨੋ ਬਿਸਥਾਰੁ ॥
ਪ੍ਰਭੁ ਅਬਿਨਾਸੀ ਏਕੰਕਾਰੁ ॥
ਨਾਨਾ ਚਲਿਤ ਕਰੇ ਖਿਨ ਮਾਹਿ ॥
ਪੂਰਿ ਰਹਿਓ ਪੂਰਨੁ ਸਭ ਠਾਇ ॥
ਨਾਨਾ ਬਿਧਿ ਕਰਿ ਬਨਤ ਬਨਾਈ ॥
ਅਪਨੀ ਕੀਮਤਿ ਆਪੇ ਪਾਈ ॥
ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥
ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥
ਨਾਮ ਕੇ ਧਾਰੇ ਸਗਲੇ ਜੰਤ ॥
ਨਾਮ ਕੇ ਧਾਰੇ ਖੰਡ ਬ੍ਰਹਮੰਡ ॥
ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥
ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥
ਨਾਮ ਕੇ ਧਾਰੇ ਆਗਾਸ ਪਾਤਾਲ ॥
ਨਾਮ ਕੇ ਧਾਰੇ ਸਗਲ ਆਕਾਰ ॥
ਨਾਮ ਕੇ ਧਾਰੇ ਪੁਰੀਆ ਸਭ ਭਵਨ ॥
ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥
ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥
ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥
ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥
ਪੁਰਖੁ ਸਤਿ ਕੇਵਲ ਪਰਧਾਨੁ ॥
ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥
ਸਤਿ ਪੁਰਖ ਸਭ ਮਾਹਿ ਸਮਾਣੀ ॥
ਸਤਿ ਕਰਮੁ ਜਾ ਕੀ ਰਚਨਾ ਸਤਿ ॥
ਮੂਲੁ ਸਤਿ ਸਤਿ ਉਤਪਤਿ ॥
ਸਤਿ ਕਰਣੀ ਨਿਰਮਲ ਨਿਰਮਲੀ ॥
ਜਿਸਹਿ ਬੁਝਾਏ ਤਿਸਹਿ ਸਭ ਭਲੀ ॥
ਸਤਿ ਨਾਮੁ ਪ੍ਰਭ ਕਾ ਸੁਖਦਾਈ ॥
ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥
ਸਤਿ ਬਚਨ ਸਾਧੂ ਉਪਦੇਸ ॥
ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥
ਸਤਿ ਨਿਰਤਿ ਬੂਝੈ ਜੇ ਕੋਇ ॥
ਨਾਮੁ ਜਪਤ ਤਾ ਕੀ ਗਤਿ ਹੋਇ ॥
ਆਪਿ ਸਤਿ ਕੀਆ ਸਭੁ ਸਤਿ ॥
ਆਪੇ ਜਾਨੈ ਅਪਨੀ ਮਿਤਿ ਗਤਿ ॥
ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
ਅਵਰ ਨ ਬੂਝਿ ਕਰਤ ਬੀਚਾਰੁ ॥
ਕਰਤੇ ਕੀ ਮਿਤਿ ਨ ਜਾਨੈ ਕੀਆ ॥
ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥
ਬਿਸਮਨ ਬਿਸਮ ਭਏ ਬਿਸਮਾਦ ॥
ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥
ਗੁਰ ਕੈ ਬਚਨਿ ਪਦਾਰਥ ਲਹੇ ॥
ਓਇ ਦਾਤੇ ਦੁਖ ਕਾਟਨਹਾਰ ॥
ਜਾ ਕੈ ਸੰਗਿ ਤਰੈ ਸੰਸਾਰ ॥
ਜਨ ਕਾ ਸੇਵਕੁ ਸੋ ਵਡਭਾਗੀ ॥
ਜਨ ਕੈ ਸੰਗਿ ਏਕ ਲਿਵ ਲਾਗੀ ॥
ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥
ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥
*ਸਲੋਕੁ ॥*
ਆਦਿ ਸਚੁ ਜੁਗਾਦਿ ਸਚੁ ॥
ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥

2018