763

*ਸੂਹੀ ਮਹਲਾ ੧ ਸੁਚਜੀ ॥*
ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥
ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥
ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥
ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥
ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥
ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥
ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥
ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥
ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥
ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥
*ਸੂਹੀ ਮਹਲਾ ੫ ਗੁਣਵੰਤੀ ॥*
ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥
ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥
ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥
ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥
ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥
ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥
ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥
ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥
ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥
ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥
ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥
ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥
ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥
*ਰਾਗੁ ਸੂਹੀ ਛੰਤ ਮਹਲਾ ੧ ਘਰੁ ੧*
*ੴ ਸਤਿਗੁਰ ਪ੍ਰਸਾਦਿ ॥*
ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥
ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥
ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥
ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥
ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥
ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥
ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥
ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥
ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥
ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥
ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥
ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥
ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥
ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥
ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥
ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥
ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥
ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥
ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥

764

ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥
ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥
ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥
ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥
ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
*ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨*
*ੴ ਸਤਿਗੁਰ ਪ੍ਰਸਾਦਿ ॥*
ਹਮ ਘਰਿ ਸਾਜਨ ਆਏ ॥
ਸਾਚੈ ਮੇਲਿ ਮਿਲਾਏ ॥
ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥
ਆਵਹੁ ਮੀਤ ਪਿਆਰੇ ॥
ਮੰਗਲ ਗਾਵਹੁ ਨਾਰੇ ॥
ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥
ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥
ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥
ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
ਮਨੁ ਤਨੁ ਅੰਮ੍ਰਿਤਿ ਭਿੰਨਾ ॥
ਅੰਤਰਿ ਪ੍ਰੇਮੁ ਰਤੰਨਾ ॥
ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥
ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥
ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥
ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥
ਆਤਮ ਰਾਮੁ ਸੰਸਾਰਾ ॥
ਸਾਚਾ ਖੇਲੁ ਤੁਮਾ੍ਰਾ ॥
ਸਚੁ ਖੇਲੁ ਤੁਮਾ੍ਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥
ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥
ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥
ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥
*ਰਾਗੁ ਸੂਹੀ ਮਹਲਾ ੧ ਘਰੁ ੩*
*ੴ ਸਤਿਗੁਰ ਪ੍ਰਸਾਦਿ ॥*
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥
ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥
ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥
ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥
ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥

765

ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥
ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥
ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥
ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥
ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥
ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥
ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥
ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥
ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥
ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥
ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥
ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥
ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥
ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥
ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥
ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
*ੴ ਸਤਿਗੁਰ ਪ੍ਰਸਾਦਿ ॥*
*ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥*
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
ਲੀਆ ਤ ਦੀਆ ਮਾਨੁ ਜਿਨ੍ ਸਿਉ ਸੇ ਸਜਨ ਕਿਉ ਵੀਸਰਹਿ ॥
ਜਿਨ੍ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
ਜੇ ਗੁਣ ਹੋਵਨਿ੍ ਸਾਜਨਾ ਮਿਲਿ ਸਾਝ ਕਰੀਜੈ ॥
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥

766

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥
ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥
ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥
ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥
ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥
ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
*ਸੂਹੀ ਮਹਲਾ ੧ ॥*
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥
ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥
ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥
ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥
ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥
ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥
ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥
ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥
ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥
ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥
ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥
ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥
ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥
ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥
ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥
ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥
ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥
ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥
ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥
ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥
ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥
ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥
ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥
ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥
ਅਠਸਠਿ ਤੀਰਥ ਪੁੰਨ ਪੂਜਾ ਨਾਮੁ ਸਾਚਾ ਭਾਇਆ ॥
ਆਪਿ ਸਾਜੇ ਥਾਪਿ ਵੇਖੈ ਤਿਸੈ ਭਾਣਾ ਭਾਇਆ ॥
ਸਾਜਨ ਰਾਂਗਿ ਰੰਗੀਲੜੇ ਰੰਗੁ ਲਾਲੁ ਬਣਾਇਆ ॥੫॥
ਅੰਧਾ ਆਗੂ ਜੇ ਥੀਐ ਕਿਉ ਪਾਧਰੁ ਜਾਣੈ ॥
ਆਪਿ ਮੁਸੈ ਮਤਿ ਹੋਛੀਐ ਕਿਉ ਰਾਹੁ ਪਛਾਣੈ ॥
ਕਿਉ ਰਾਹਿ ਜਾਵੈ ਮਹਲੁ ਪਾਵੈ ਅੰਧ ਕੀ ਮਤਿ ਅੰਧਲੀ ॥
ਵਿਣੁ ਨਾਮ ਹਰਿ ਕੇ ਕਛੁ ਨ ਸੂਝੈ ਅੰਧੁ ਬੂਡੌ ਧੰਧਲੀ ॥
ਦਿਨੁ ਰਾਤਿ ਚਾਨਣੁ ਚਾਉ ਉਪਜੈ ਸਬਦੁ ਗੁਰ ਕਾ ਮਨਿ ਵਸੈ ॥
ਕਰ ਜੋੜਿ ਗੁਰ ਪਹਿ ਕਰਿ ਬਿਨੰਤੀ ਰਾਹੁ ਪਾਧਰੁ ਗੁਰੁ ਦਸੈ ॥੬॥
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥
ਕਿਸੁ ਪਹਿ ਖੋਲ੍ਉ ਗੰਠੜੀ ਦੂਖੀ ਭਰਿ ਆਇਆ ॥
ਦੂਖੀ ਭਰਿ ਆਇਆ ਜਗਤੁ ਸਬਾਇਆ ਕਉਣੁ ਜਾਣੈ ਬਿਧਿ ਮੇਰੀਆ ॥
ਆਵਣੇ ਜਾਵਣੇ ਖਰੇ ਡਰਾਵਣੇ ਤੋਟਿ ਨ ਆਵੈ ਫੇਰੀਆ ॥
ਨਾਮ ਵਿਹੂਣੇ ਊਣੇ ਝੂਣੇ ਨਾ ਗੁਰਿ ਸਬਦੁ ਸੁਣਾਇਆ ॥
ਮਨੁ ਪਰਦੇਸੀ ਜੇ ਥੀਐ ਸਭੁ ਦੇਸੁ ਪਰਾਇਆ ॥੭॥
ਗੁਰ ਮਹਲੀ ਘਰਿ ਆਪਣੈ ਸੋ ਭਰਪੁਰਿ ਲੀਣਾ ॥
ਸੇਵਕੁ ਸੇਵਾ ਤਾਂ ਕਰੇ ਸਚ ਸਬਦਿ ਪਤੀਣਾ ॥
ਸਬਦੇ ਪਤੀਜੈ ਅੰਕੁ ਭੀਜੈ ਸੁ ਮਹਲੁ ਮਹਲਾ ਅੰਤਰੇ ॥
ਆਪਿ ਕਰਤਾ ਕਰੇ ਸੋਈ ਪ੍ਰਭੁ ਆਪਿ ਅੰਤਿ ਨਿਰੰਤਰੇ ॥
ਗੁਰ ਸਬਦਿ ਮੇਲਾ ਤਾਂ ਸੁਹੇਲਾ ਬਾਜੰਤ ਅਨਹਦ ਬੀਣਾ ॥
ਗੁਰ ਮਹਲੀ ਘਰਿ ਆਪਣੈ ਸੋ ਭਰਿਪੁਰਿ ਲੀਣਾ ॥੮॥
ਕੀਤਾ ਕਿਆ ਸਾਲਾਹੀਐ ਕਰਿ ਵੇਖੈ ਸੋਈ ॥
ਤਾ ਕੀ ਕੀਮਤਿ ਨਾ ਪਵੈ ਜੇ ਲੋਚੈ ਕੋਈ ॥
ਕੀਮਤਿ ਸੋ ਪਾਵੈ ਆਪਿ ਜਾਣਾਵੈ ਆਪਿ ਅਭੁਲੁ ਨ ਭੁਲਏ ॥
ਜੈ ਜੈ ਕਾਰੁ ਕਰਹਿ ਤੁਧੁ ਭਾਵਹਿ ਗੁਰ ਕੈ ਸਬਦਿ ਅਮੁਲਏ ॥
ਹੀਣਉ ਨੀਚੁ ਕਰਉ ਬੇਨੰਤੀ ਸਾਚੁ ਨ ਛੋਡਉ ਭਾਈ ॥
ਨਾਨਕ ਜਿਨਿ ਕਰਿ ਦੇਖਿਆ ਦੇਵੈ ਮਤਿ ਸਾਈ ॥੯॥੨॥੫॥

2018-2021