*ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ*
*ੴ ਸਤਿਗੁਰ ਪ੍ਰਸਾਦਿ ॥*
ਏਕਮ ਏਕੰਕਾਰੁ ਨਿਰਾਲਾ ॥
ਅਮਰੁ ਅਜੋਨੀ ਜਾਤਿ ਨ ਜਾਲਾ ॥
ਅਗਮ ਅਗੋਚਰੁ ਰੂਪੁ ਨ ਰੇਖਿਆ ॥
ਖੋਜਤ ਖੋਜਤ ਘਟਿ ਘਟਿ ਦੇਖਿਆ ॥
ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥
ਗੁਰ ਪਰਸਾਦਿ ਪਰਮ ਪਦੁ ਪਾਈ ॥੧॥
ਕਿਆ ਜਪੁ ਜਾਪਉ ਬਿਨੁ ਜਗਦੀਸੈ ॥
ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥
ਦੂਜੈ ਭਾਇ ਲਗੇ ਪਛੁਤਾਣੇ ॥
ਜਮ ਦਰਿ ਬਾਧੇ ਆਵਣ ਜਾਣੇ ॥
ਕਿਆ ਲੈ ਆਵਹਿ ਕਿਆ ਲੇ ਜਾਹਿ ॥
ਸਿਰਿ ਜਮਕਾਲੁ ਸਿ ਚੋਟਾ ਖਾਹਿ ॥
ਬਿਨੁ ਗੁਰ ਸਬਦ ਨ ਛੂਟਸਿ ਕੋਇ ॥
ਪਾਖੰਡਿ ਕੀਨੈੇ੍ ਮੁਕਤਿ ਨ ਹੋਇ ॥੨॥
ਆਪੇ ਸਚੁ ਕੀਆ ਕਰ ਜੋੜਿ ॥
ਅੰਡਜ ਫੋੜਿ ਜੋੜਿ ਵਿਛੋੜਿ ॥
ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥
ਰਾਤਿ ਦਿਨੰਤੁ ਕੀਏ ਭਉ ਭਾਉ ॥
ਜਿਨਿ ਕੀਏ ਕਰਿ ਵੇਖਣਹਾਰਾ ॥
ਅਵਰੁ ਨ ਦੂਜਾ ਸਿਰਜਣਹਾਰਾ ॥੩॥
ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥
ਦੇਵੀ ਦੇਵ ਉਪਾਏ ਵੇਸਾ ॥
ਜੋਤੀ ਜਾਤੀ ਗਣਤ ਨ ਆਵੈ ॥
ਜਿਨਿ ਸਾਜੀ ਸੋ ਕੀਮਤਿ ਪਾਵੈ ॥
ਕੀਮਤਿ ਪਾਇ ਰਹਿਆ ਭਰਪੂਰਿ ॥
ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥
ਚਉਥਿ ਉਪਾਏ ਚਾਰੇ ਬੇਦਾ ॥
ਖਾਣੀ ਚਾਰੇ ਬਾਣੀ ਭੇਦਾ ॥
ਅਸਟ ਦਸਾ ਖਟੁ ਤੀਨਿ ਉਪਾਏ ॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਤੀਨਿ ਸਮਾਵੈ ਚਉਥੈ ਵਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥
ਪੰਚਮੀ ਪੰਚ ਭੂਤ ਬੇਤਾਲਾ ॥
ਆਪਿ ਅਗੋਚਰੁ ਪੁਰਖੁ ਨਿਰਾਲਾ ॥
ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥
ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥
ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥
ਝੂਠੇ ਕਉ ਨਾਹੀ ਪਤਿ ਨਾਉ ॥
ਕਬਹੁ ਨ ਸੂਚਾ ਕਾਲਾ ਕਾਉ ॥
ਪਿੰਜਰਿ ਪੰਖੀ ਬੰਧਿਆ ਕੋਇ ॥
ਛੇਰੀਂ ਭਰਮੈ ਮੁਕਤਿ ਨ ਹੋਇ ॥
ਤਉ ਛੂਟੈ ਜਾ ਖਸਮੁ ਛਡਾਏ ॥
ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥
ਖਸਟੀ ਖਟੁ ਦਰਸਨ ਪ੍ਰਭ ਸਾਜੇ ॥
ਅਨਹਦ ਸਬਦੁ ਨਿਰਾਲਾ ਵਾਜੇ ॥
ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥
ਸਬਦੇ ਭੇਦੇ ਤਉ ਪਤਿ ਪਾਵੈ ॥
ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥
ਸਾਚੈ ਸਾਚੇ ਸਾਚਿ ਸਮਾਵਹਿ ॥੮॥
ਸਪਤਮੀ ਸਤੁ ਸੰਤੋਖੁ ਸਰੀਰਿ ॥
ਸਾਤ ਸਮੁੰਦ ਭਰੇ ਨਿਰਮਲ ਨੀਰਿ ॥
ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥
ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
ਮਨਿ ਸਾਚਾ ਮੁਖਿ ਸਾਚਉ ਭਾਇ ॥
ਸਚੁ ਨੀਸਾਣੈ ਠਾਕ ਨ ਪਾਇ ॥੯॥
ਅਸਟਮੀ ਅਸਟ ਸਿਧਿ ਬੁਧਿ ਸਾਧੈ ॥
ਸਚੁ ਨਿਹਕੇਵਲੁ ਕਰਮਿ ਅਰਾਧੈ ॥
ਪਉਣ ਪਾਣੀ ਅਗਨੀ ਬਿਸਰਾਉ ॥
ਤਹੀ ਨਿਰੰਜਨੁ ਸਾਚੋ ਨਾਉ ॥
ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥
ਨਾਉ ਨਉਮੀ ਨਵੇ ਨਾਥ ਨਵ ਖੰਡਾ ॥
ਘਟਿ ਘਟਿ ਨਾਥੁ ਮਹਾ ਬਲਵੰਡਾ ॥
840
ਆਈ ਪੂਤਾ ਇਹੁ ਜਗੁ ਸਾਰਾ ॥
ਪ੍ਰਭ ਆਦੇਸੁ ਆਦਿ ਰਖਵਾਰਾ ॥
ਆਦਿ ਜੁਗਾਦੀ ਹੈ ਭੀ ਹੋਗੁ ॥
ਓਹੁ ਅਪਰੰਪਰੁ ਕਰਣੈ ਜੋਗੁ ॥੧੧॥
ਦਸਮੀ ਨਾਮੁ ਦਾਨੁ ਇਸਨਾਨੁ ॥
ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥
ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥
ਬਿਲਮੁ ਨ ਤੂਟਸਿ ਕਾਚੈ ਤਾਗੈ ॥
ਜਿਉ ਤਾਗਾ ਜਗੁ ਏਵੈ ਜਾਣਹੁ ॥
ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥
ਏਕਾਦਸੀ ਇਕੁ ਰਿਦੈ ਵਸਾਵੈ ॥
ਹਿੰਸਾ ਮਮਤਾ ਮੋਹੁ ਚੁਕਾਵੈ ॥
ਫਲੁ ਪਾਵੈ ਬ੍ਰਤੁ ਆਤਮ ਚੀਨੈ ॥
ਪਾਖੰਡਿ ਰਾਚਿ ਤਤੁ ਨਹੀ ਬੀਨੈ ॥
ਨਿਰਮਲੁ ਨਿਰਾਹਾਰੁ ਨਿਹਕੇਵਲੁ ॥
ਸੂਚੈ ਸਾਚੇ ਨਾ ਲਾਗੈ ਮਲੁ ॥੧੩॥
ਜਹ ਦੇਖਉ ਤਹ ਏਕੋ ਏਕਾ ॥
ਹੋਰਿ ਜੀਅ ਉਪਾਏ ਵੇਕੋ ਵੇਕਾ ॥
ਫਲੋਹਾਰ ਕੀਏ ਫਲੁ ਜਾਇ ॥
ਰਸ ਕਸ ਖਾਏ ਸਾਦੁ ਗਵਾਇ ॥
ਕੂੜੈ ਲਾਲਚਿ ਲਪਟੈ ਲਪਟਾਇ ॥
ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥
ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥
ਜਾਗਤੁ ਜਾਗਿ ਰਹੈ ਲਿਵ ਲਾਇ ॥
ਗੁਰ ਪਰਚੈ ਤਿਸੁ ਕਾਲੁ ਨ ਖਾਇ ॥
ਅਤੀਤ ਭਏ ਮਾਰੇ ਬੈਰਾਈ ॥
ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥
ਦੁਆਦਸੀ ਦਇਆ ਦਾਨੁ ਕਰਿ ਜਾਣੈ ॥
ਬਾਹਰਿ ਜਾਤੋ ਭੀਤਰਿ ਆਣੈ ॥
ਬਰਤੀ ਬਰਤ ਰਹੈ ਨਿਹਕਾਮ ॥
ਅਜਪਾ ਜਾਪੁ ਜਪੈ ਮੁਖਿ ਨਾਮ ॥
ਤੀਨਿ ਭਵਣ ਮਹਿ ਏਕੋ ਜਾਣੈ ॥
ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥
ਤੇਰਸਿ ਤਰਵਰ ਸਮੁਦ ਕਨਾਰੈ ॥
ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥
ਡਰ ਡਰਿ ਮਰੈ ਨ ਬੂਡੈ ਕੋਇ ॥
ਨਿਡਰੁ ਬੂਡਿ ਮਰੈ ਪਤਿ ਖੋਇ ॥
ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥
ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥
ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥
ਰਾਜਸ ਤਾਮਸ ਸਤ ਕਾਲ ਸਮਾਵੈ ॥
ਸਸੀਅਰ ਕੈ ਘਰਿ ਸੂਰੁ ਸਮਾਵੈ ॥
ਜੋਗ ਜੁਗਤਿ ਕੀ ਕੀਮਤਿ ਪਾਵੈ ॥
ਚਉਦਸਿ ਭਵਨ ਪਾਤਾਲ ਸਮਾਏ ॥
ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥
ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥
ਬੂਝਹੁ ਗਿਆਨੀ ਸਬਦੁ ਬੀਚਾਰਿ ॥
ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥
ਕਰਿ ਕਰਿ ਵੇਖੈ ਕਰਤਾ ਸੋਈ ॥
ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
ਮਨਮੁਖਿ ਭੂਲੇ ਆਵਹਿ ਜਾਹਿ ॥੧੯॥
ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥
ਜਹ ਆਸਾ ਤਹ ਬਿਨਸਿ ਬਿਨਾਸਾ ॥
ਫੂਟੈ ਖਪਰੁ ਦੁਬਿਧਾ ਮਨਸਾ ॥
ਮਮਤਾ ਜਾਲ ਤੇ ਰਹੈ ਉਦਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥
841
*ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦*
*ੴ ਸਤਿਗੁਰ ਪ੍ਰਸਾਦਿ ॥*
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥
ਆਪੇ ਵਰਤੈ ਅਵਰੁ ਨ ਕੋਈ ॥
ਓਤਿ ਪੋਤਿ ਜਗੁ ਰਹਿਆ ਪਰੋਈ ॥
ਆਪੇ ਕਰਤਾ ਕਰੈ ਸੁ ਹੋਈ ॥
ਨਾਮਿ ਰਤੇ ਸਦਾ ਸੁਖੁ ਹੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥੧॥
ਹਿਰਦੈ ਜਪਨੀ ਜਪਉ ਗੁਣਤਾਸਾ ॥
ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥
ਸੋਮਵਾਰਿ ਸਚਿ ਰਹਿਆ ਸਮਾਇ ॥
ਤਿਸ ਕੀ ਕੀਮਤਿ ਕਹੀ ਨ ਜਾਇ ॥
ਆਖਿ ਆਖਿ ਰਹੇ ਸਭਿ ਲਿਵ ਲਾਇ ॥
ਜਿਸੁ ਦੇਵੈ ਤਿਸੁ ਪਲੈ ਪਾਇ ॥
ਅਗਮ ਅਗੋਚਰੁ ਲਖਿਆ ਨ ਜਾਇ ॥
ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥
ਮੰਗਲਿ ਮਾਇਆ ਮੋਹੁ ਉਪਾਇਆ ॥
ਆਪੇ ਸਿਰਿ ਸਿਰਿ ਧੰਧੈ ਲਾਇਆ ॥
ਆਪਿ ਬੁਝਾਏ ਸੋਈ ਬੂਝੈ ॥
ਗੁਰ ਕੈ ਸਬਦਿ ਦਰੁ ਘਰੁ ਸੂਝੈ ॥
ਪ੍ਰੇਮ ਭਗਤਿ ਕਰੇ ਲਿਵ ਲਾਇ ॥
ਹਉਮੈ ਮਮਤਾ ਸਬਦਿ ਜਲਾਇ ॥੩॥
ਬੁਧਵਾਰਿ ਆਪੇ ਬੁਧਿ ਸਾਰੁ ॥
ਗੁਰਮੁਖਿ ਕਰਣੀ ਸਬਦੁ ਵੀਚਾਰੁ ॥
ਨਾਮਿ ਰਤੇ ਮਨੁ ਨਿਰਮਲੁ ਹੋਇ ॥
ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥
ਦਰਿ ਸਚੈ ਸਦ ਸੋਭਾ ਪਾਏ ॥
ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥
ਲਾਹਾ ਨਾਮੁ ਪਾਏ ਗੁਰ ਦੁਆਰਿ ॥
ਆਪੇ ਦੇਵੈ ਦੇਵਣਹਾਰੁ ॥
ਜੋ ਦੇਵੈ ਤਿਸ ਕਉ ਬਲਿ ਜਾਈਐ ॥
ਗੁਰ ਪਰਸਾਦੀ ਆਪੁ ਗਵਾਈਐ ॥
ਨਾਨਕ ਨਾਮੁ ਰਖਹੁ ਉਰ ਧਾਰਿ ॥
ਦੇਵਣਹਾਰੇ ਕਉ ਜੈਕਾਰੁ ॥੫॥
ਵੀਰਵਾਰਿ ਵੀਰ ਭਰਮਿ ਭੁਲਾਏ ॥
ਪ੍ਰੇਤ ਭੂਤ ਸਭਿ ਦੂਜੈ ਲਾਏ ॥
ਆਪਿ ਉਪਾਏ ਕਰਿ ਵੇਖੈ ਵੇਕਾ ॥
ਸਭਨਾ ਕਰਤੇ ਤੇਰੀ ਟੇਕਾ ॥
ਜੀਅ ਜੰਤ ਤੇਰੀ ਸਰਣਾਈ ॥
ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥
ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥
ਆਪਿ ਉਪਾਇ ਸਭ ਕੀਮਤਿ ਪਾਈ ॥
ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥
ਸਚੁ ਸੰਜਮੁ ਕਰਣੀ ਹੈ ਕਾਰ ॥
ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥
ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥
ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥
ਹਉਮੈ ਮੇਰਾ ਭਰਮੈ ਸੰਸਾਰੁ ॥
ਮਨਮੁਖੁ ਅੰਧਾ ਦੂਜੈ ਭਾਇ ॥
ਜਮ ਦਰਿ ਬਾਧਾ ਚੋਟਾ ਖਾਇ ॥
ਗੁਰ ਪਰਸਾਦੀ ਸਦਾ ਸੁਖੁ ਪਾਏ ॥
ਸਚੁ ਕਰਣੀ ਸਾਚਿ ਲਿਵ ਲਾਏ ॥੮॥
ਸਤਿਗੁਰੁ ਸੇਵਹਿ ਸੇ ਵਡਭਾਗੀ ॥
ਹਉਮੈ ਮਾਰਿ ਸਚਿ ਲਿਵ ਲਾਗੀ ॥
ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥
842
ਤੂ ਸੁਖਦਾਤਾ ਲੈਹਿ ਮਿਲਾਇ ॥
ਏਕਸ ਤੇ ਦੂਜਾ ਨਾਹੀ ਕੋਇ ॥
ਗੁਰਮੁਖਿ ਬੂਝੈ ਸੋਝੀ ਹੋਇ ॥੯॥
ਪੰਦ੍ਰਹ ਥਿਂਤੀ ਤੈ ਸਤ ਵਾਰ ॥
ਮਾਹਾ ਰੁਤੀ ਆਵਹਿ ਵਾਰ ਵਾਰ ॥
ਦਿਨਸੁ ਰੈਣਿ ਤਿਵੈ ਸੰਸਾਰੁ ॥
ਆਵਾ ਗਉਣੁ ਕੀਆ ਕਰਤਾਰਿ ॥
ਨਿਹਚਲੁ ਸਾਚੁ ਰਹਿਆ ਕਲ ਧਾਰਿ ॥
ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥
*ਬਿਲਾਵਲੁ ਮਹਲਾ ੩ ॥*
ਆਦਿ ਪੁਰਖੁ ਆਪੇ ਸ੍ਰਿਸਟਿ ਸਾਜੇ ॥
ਜੀਅ ਜੰਤ ਮਾਇਆ ਮੋਹਿ ਪਾਜੇ ॥
ਦੂਜੈ ਭਾਇ ਪਰਪੰਚਿ ਲਾਗੇ ॥
ਆਵਹਿ ਜਾਵਹਿ ਮਰਹਿ ਅਭਾਗੇ ॥
ਸਤਿਗੁਰਿ ਭੇਟਿਐ ਸੋਝੀ ਪਾਇ ॥
ਪਰਪੰਚੁ ਚੂਕੈ ਸਚਿ ਸਮਾਇ ॥੧॥
ਜਾ ਕੈ ਮਸਤਕਿ ਲਿਖਿਆ ਲੇਖੁ ॥
ਤਾ ਕੈ ਮਨਿ ਵਸਿਆ ਪ੍ਰਭੁ ਏਕੁ ॥੧॥ ਰਹਾਉ ॥
ਸ੍ਰਿਸਟਿ ਉਪਾਇ ਆਪੇ ਸਭੁ ਵੇਖੈ ॥
ਕੋਇ ਨ ਮੇਟੈ ਤੇਰੈ ਲੇਖੈ ॥
ਸਿਧ ਸਾਧਿਕ ਜੇ ਕੋ ਕਹੈ ਕਹਾਏ ॥
ਭਰਮੇ ਭੂਲਾ ਆਵੈ ਜਾਏ ॥
ਸਤਿਗੁਰੁ ਸੇਵੈ ਸੋ ਜਨੁ ਬੂਝੈ ॥
ਹਉਮੈ ਮਾਰੇ ਤਾ ਦਰੁ ਸੂਝੈ ॥੨॥
ਏਕਸੁ ਤੇ ਸਭੁ ਦੂਜਾ ਹੂਆ ॥
ਏਕੋ ਵਰਤੈ ਅਵਰੁ ਨ ਬੀਆ ॥
ਦੂਜੇ ਤੇ ਜੇ ਏਕੋ ਜਾਣੈ ॥
ਗੁਰ ਕੈ ਸਬਦਿ ਹਰਿ ਦਰਿ ਨੀਸਾਣੈ ॥
ਸਤਿਗੁਰੁ ਭੇਟੇ ਤਾ ਏਕੋ ਪਾਏ ॥
ਵਿਚਹੁ ਦੂਜਾ ਠਾਕਿ ਰਹਾਏ ॥੩॥
ਜਿਸ ਦਾ ਸਾਹਿਬੁ ਡਾਢਾ ਹੋਇ ॥
ਤਿਸ ਨੋ ਮਾਰਿ ਨ ਸਾਕੈ ਕੋਇ ॥
ਸਾਹਿਬ ਕੀ ਸੇਵਕੁ ਰਹੈ ਸਰਣਾਈ ॥
ਆਪੇ ਬਖਸੇ ਦੇ ਵਡਿਆਈ ॥
ਤਿਸ ਤੇ ਊਪਰਿ ਨਾਹੀ ਕੋਇ ॥
ਕਉਣੁ ਡਰੈ ਡਰੁ ਕਿਸ ਕਾ ਹੋਇ ॥੪॥
ਗੁਰਮਤੀ ਸਾਂਤਿ ਵਸੈ ਸਰੀਰ ॥
ਸਬਦੁ ਚੀਨਿ੍ ਫਿਰਿ ਲਗੈ ਨ ਪੀਰ ॥
ਆਵੈ ਨ ਜਾਇ ਨਾ ਦੁਖੁ ਪਾਏ ॥
ਨਾਮੇ ਰਾਤੇ ਸਹਜਿ ਸਮਾਏ ॥
ਨਾਨਕ ਗੁਰਮੁਖਿ ਵੇਖੈ ਹਦੂਰਿ ॥
ਮੇਰਾ ਪ੍ਰਭੁ ਸਦ ਰਹਿਆ ਭਰਪੂਰਿ ॥੫॥
ਇਕਿ ਸੇਵਕ ਇਕਿ ਭਰਮਿ ਭੁਲਾਏ ॥
ਆਪੇ ਕਰੇ ਹਰਿ ਆਪਿ ਕਰਾਏ ॥
ਏਕੋ ਵਰਤੈ ਅਵਰੁ ਨ ਕੋਇ ॥
ਮਨਿ ਰੋਸੁ ਕੀਜੈ ਜੇ ਦੂਜਾ ਹੋਇ ॥
ਸਤਿਗੁਰੁ ਸੇਵੇ ਕਰਣੀ ਸਾਰੀ ॥
ਦਰਿ ਸਾਚੈ ਸਾਚੇ ਵੀਚਾਰੀ ॥੬॥
ਥਿਤੀ ਵਾਰ ਸਭਿ ਸਬਦਿ ਸੁਹਾਏ ॥
ਸਤਿਗੁਰੁ ਸੇਵੇ ਤਾ ਫਲੁ ਪਾਏ ॥
ਥਿਤੀ ਵਾਰ ਸਭਿ ਆਵਹਿ ਜਾਹਿ ॥
ਗੁਰ ਸਬਦੁ ਨਿਹਚਲੁ ਸਦਾ ਸਚਿ ਸਮਾਹਿ ॥
ਥਿਤੀ ਵਾਰ ਤਾ ਜਾ ਸਚਿ ਰਾਤੇ ॥
ਬਿਨੁ ਨਾਵੈ ਸਭਿ ਭਰਮਹਿ ਕਾਚੇ ॥੭॥
ਮਨਮੁਖ ਮਰਹਿ ਮਰਿ ਬਿਗਤੀ ਜਾਹਿ ॥
ਏਕੁ ਨ ਚੇਤਹਿ ਦੂਜੈ ਲੋਭਾਹਿ ॥
ਅਚੇਤ ਪਿੰਡੀ ਅਗਿਆਨ ਅੰਧਾਰੁ ॥
ਬਿਨੁ ਸਬਦੈ ਕਿਉ ਪਾਏ ਪਾਰੁ ॥
ਆਪਿ ਉਪਾਏ ਉਪਾਵਣਹਾਰੁ ॥
ਆਪੇ ਕੀਤੋਨੁ ਗੁਰ ਵੀਚਾਰੁ ॥੮॥
ਬਹੁਤੇ ਭੇਖ ਕਰਹਿ ਭੇਖਧਾਰੀ ॥
ਭਵਿ ਭਵਿ ਭਰਮਹਿ ਕਾਚੀ ਸਾਰੀ ॥
ਐਥੈ ਸੁਖੁ ਨ ਆਗੈ ਹੋਇ ॥
ਮਨਮੁਖ ਮੁਏ ਅਪਣਾ ਜਨਮੁ ਖੋਇ ॥
ਸਤਿਗੁਰੁ ਸੇਵੇ ਭਰਮੁ ਚੁਕਾਏ ॥
ਘਰ ਹੀ ਅੰਦਰਿ ਸਚੁ ਮਹਲੁ ਪਾਏ ॥੯॥
ਆਪੇ ਪੂਰਾ ਕਰੇ ਸੁ ਹੋਇ ॥
ਏਹਿ ਥਿਤੀ ਵਾਰ ਦੂਜਾ ਦੋਇ ॥
ਸਤਿਗੁਰ ਬਾਝਹੁ ਅੰਧੁ ਗੁਬਾਰੁ ॥
ਥਿਤੀ ਵਾਰ ਸੇਵਹਿ ਮੁਗਧ ਗਵਾਰ ॥
ਨਾਨਕ ਗੁਰਮੁਖਿ ਬੂਝੈ ਸੋਝੀ ਪਾਇ ॥
ਇਕਤੁ ਨਾਮਿ ਸਦਾ ਰਹਿਆ ਸਮਾਇ ॥੧੦॥੨॥