*ਬਾਣੀ ਨਾਮਦੇਉ ਜੀਉ ਕੀ ਰਾਮਕਲੀ ਘਰੁ ੧*
*ੴ ਸਤਿਗੁਰ ਪ੍ਰਸਾਦਿ ॥*
ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥
ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥੧॥
ਮਨੁ ਰਾਮ ਨਾਮਾ ਬੇਧੀਅਲੇ ॥
ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥੧॥ ਰਹਾਉ ॥
ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥੨॥
ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥੩॥
ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਰਿਕ ਰਾਖੀਅਲੇ ॥੪॥੧॥
ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥
ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥੧॥
ਬੈਰਾਗੀ ਰਾਮਹਿ ਗਾਵਉਗੋ ॥
ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥੧॥ ਰਹਾਉ ॥
ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥
ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥੨॥
ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥
ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨਾ੍ਉਗੋ ॥੩॥
ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥
ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥੪॥੨॥
ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥
ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥੧॥
ਰਾਮ ਕੋਇ ਨ ਕਿਸ ਹੀ ਕੇਰਾ ॥
ਜੈਸੇ ਤਰਵਰਿ ਪੰਖਿ ਬਸੇਰਾ ॥੧॥ ਰਹਾਉ ॥
ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥
ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥੨॥
ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥
ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥੩॥੩॥
*ਰਾਮਕਲੀ ਘਰੁ ੨ ॥*
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥
ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੧॥
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥
ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥੧॥ ਰਹਾਉ ॥
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨਾ੍ਈਐ ਗੋਮਤੀ ਸਹਸ ਗਊ ਦਾਨੁ ਕੀਜੈ ॥
ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥੨॥
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥
ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥੩॥
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨ੍ ਲੀਜੈ ॥
ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥੪॥੪॥
*ਰਾਮਕਲੀ ਬਾਣੀ ਰਵਿਦਾਸ ਜੀ ਕੀ*
*ੴ ਸਤਿਗੁਰ ਪ੍ਰਸਾਦਿ ॥*
ਪੜੀਐ ਗੁਨੀਐ ਨਾਮੁ ਸਭੁ ਸੁਨੀਐ ਅਨਭਉ ਭਾਉ ਨ ਦਰਸੈ ॥
ਲੋਹਾ ਕੰਚਨੁ ਹਿਰਨ ਹੋਇ ਕੈਸੇ ਜਉ ਪਾਰਸਹਿ ਨ ਪਰਸੈ ॥੧॥
974
ਦੇਵ ਸੰਸੈ ਗਾਂਠਿ ਨ ਛੂਟੈ ॥
ਕਾਮ ਕ੍ਰੋਧ ਮਾਇਆ ਮਦ ਮਤਸਰ ਇਨ ਪੰਚਹੁ ਮਿਲਿ ਲੂਟੇ ॥੧॥ ਰਹਾਉ ॥
ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਗੀ ਸੰਨਿਆਸੀ ॥
ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥੨॥
ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥
ਮੋਹਿ ਅਧਾਰੁ ਨਾਮੁ ਨਾਰਾਇਨ ਜੀਵਨ ਪ੍ਰਾਨ ਧਨ ਮੋਰੇ ॥੩॥੧॥
*ਰਾਮਕਲੀ ਬਾਣੀ ਬੇਣੀ ਜੀਉ ਕੀ*
*ੴ ਸਤਿਗੁਰ ਪ੍ਰਸਾਦਿ ॥*
ਇੜਾ ਪਿੰਗੁਲਾ ਅਉਰ ਸੁਖਮਨਾ ਤੀਨਿ ਬਸਹਿ ਇਕ ਠਾਈ ॥
ਬੇਣੀ ਸੰਗਮੁ ਤਹ ਪਿਰਾਗੁ ਮਨੁ ਮਜਨੁ ਕਰੇ ਤਿਥਾਈ ॥੧॥
ਸੰਤਹੁ ਤਹਾ ਨਿਰੰਜਨ ਰਾਮੁ ਹੈ ॥
ਗੁਰ ਗਮਿ ਚੀਨੈ ਬਿਰਲਾ ਕੋਇ ॥
ਤਹਾਂ ਨਿਰੰਜਨੁ ਰਮਈਆ ਹੋਇ ॥੧॥ ਰਹਾਉ ॥
ਦੇਵ ਸਥਾਨੈ ਕਿਆ ਨੀਸਾਣੀ ॥
ਤਹ ਬਾਜੇ ਸਬਦ ਅਨਾਹਦ ਬਾਣੀ ॥
ਤਹ ਚੰਦੁ ਨ ਸੂਰਜੁ ਪਉਣੁ ਨ ਪਾਣੀ ॥
ਸਾਖੀ ਜਾਗੀ ਗੁਰਮੁਖਿ ਜਾਣੀ ॥੨॥
ਉਪਜੈ ਗਿਆਨੁ ਦੁਰਮਤਿ ਛੀਜੈ ॥
ਅੰਮ੍ਰਿਤ ਰਸਿ ਗਗਨੰਤਰਿ ਭੀਜੈ ॥
ਏਸੁ ਕਲਾ ਜੋ ਜਾਣੈ ਭੇਉ ॥
ਭੇਟੈ ਤਾਸੁ ਪਰਮ ਗੁਰਦੇਉ ॥੩॥
ਦਸਮ ਦੁਆਰਾ ਅਗਮ ਅਪਾਰਾ ਪਰਮ ਪੁਰਖ ਕੀ ਘਾਟੀ ॥
ਊਪਰਿ ਹਾਟੁ ਹਾਟ ਪਰਿ ਆਲਾ ਆਲੇ ਭੀਤਰਿ ਥਾਤੀ ॥੪॥
ਜਾਗਤੁ ਰਹੈ ਸੁ ਕਬਹੁ ਨ ਸੋਵੈ ॥
ਤੀਨਿ ਤਿਲੋਕ ਸਮਾਧਿ ਪਲੋਵੈ ॥
ਬੀਜ ਮੰਤ੍ਰੁ ਲੈ ਹਿਰਦੈ ਰਹੈ ॥
ਮਨੂਆ ਉਲਟਿ ਸੁੰਨ ਮਹਿ ਗਹੈ ॥੫॥
ਜਾਗਤੁ ਰਹੈ ਨ ਅਲੀਆ ਭਾਖੈ ॥
ਪਾਚਉ ਇੰਦ੍ਰੀ ਬਸਿ ਕਰਿ ਰਾਖੈ ॥
ਗੁਰ ਕੀ ਸਾਖੀ ਰਾਖੈ ਚੀਤਿ ॥
ਮਨੁ ਤਨੁ ਅਰਪੈ ਕ੍ਰਿਸਨ ਪਰੀਤਿ ॥੬॥
ਕਰ ਪਲਵ ਸਾਖਾ ਬੀਚਾਰੇ ॥
ਅਪਨਾ ਜਨਮੁ ਨ ਜੂਐ ਹਾਰੇ ॥
ਅਸੁਰ ਨਦੀ ਕਾ ਬੰਧੈ ਮੂਲੁ ॥
ਪਛਿਮ ਫੇਰਿ ਚੜਾਵੈ ਸੂਰੁ ॥
ਅਜਰੁ ਜਰੈ ਸੁ ਨਿਝਰੁ ਝਰੈ ॥
ਜਗੰਨਾਥ ਸਿਉ ਗੋਸਟਿ ਕਰੈ ॥੭॥
ਚਉਮੁਖ ਦੀਵਾ ਜੋਤਿ ਦੁਆਰ ॥
ਪਲੂ ਅਨਤ ਮੂਲੁ ਬਿਚਕਾਰਿ ॥
ਸਰਬ ਕਲਾ ਲੇ ਆਪੇ ਰਹੈ ॥
ਮਨੁ ਮਾਣਕੁ ਰਤਨਾ ਮਹਿ ਗੁਹੈ ॥੮॥
ਮਸਤਕਿ ਪਦਮੁ ਦੁਆਲੈ ਮਣੀ ॥
ਮਾਹਿ ਨਿਰੰਜਨੁ ਤ੍ਰਿਭਵਣ ਧਣੀ ॥
ਪੰਚ ਸਬਦ ਨਿਰਮਾਇਲ ਬਾਜੇ ॥
ਢੁਲਕੇ ਚਵਰ ਸੰਖ ਘਨ ਗਾਜੇ ॥
ਦਲਿ ਮਲਿ ਦੈਤਹੁ ਗੁਰਮੁਖਿ ਗਿਆਨੁ ॥
ਬੇਣੀ ਜਾਚੈ ਤੇਰਾ ਨਾਮੁ ॥੯॥੧॥
975
*ਰਾਗੁ ਨਟ ਨਾਰਾਇਨ ਮਹਲਾ ੪*
*ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥*
ਮੇਰੇ ਮਨ ਜਪਿ ਅਹਿਨਿਸਿ ਨਾਮੁ ਹਰੇ ॥
ਕੋਟਿ ਕੋਟਿ ਦੋਖ ਬਹੁ ਕੀਨੇ ਸਭ ਪਰਹਰਿ ਪਾਸਿ ਧਰੇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਹਿ ਆਰਾਧਹਿ ਸੇਵਕ ਭਾਇ ਖਰੇ ॥
ਕਿਲਬਿਖ ਦੋਖ ਗਏ ਸਭ ਨੀਕਰਿ ਜਿਉ ਪਾਨੀ ਮੈਲੁ ਹਰੇ ॥੧॥
ਖਿਨੁ ਖਿਨੁ ਨਰੁ ਨਾਰਾਇਨੁ ਗਾਵਹਿ ਮੁਖਿ ਬੋਲਹਿ ਨਰ ਨਰਹਰੇ ॥
ਪੰਚ ਦੋਖ ਅਸਾਧ ਨਗਰ ਮਹਿ ਇਕੁ ਖਿਨੁ ਪਲੁ ਦੂਰਿ ਕਰੇ ॥੨॥
ਵਡਭਾਗੀ ਹਰਿ ਨਾਮੁ ਧਿਆਵਹਿ ਹਰਿ ਕੇ ਭਗਤ ਹਰੇ ॥
ਤਿਨ ਕੀ ਸੰਗਤਿ ਦੇਹਿ ਪ੍ਰਭ ਜਾਚਉ ਮੈ ਮੂੜ ਮੁਗਧ ਨਿਸਤਰੇ ॥੩॥
ਕ੍ਰਿਪਾ ਕ੍ਰਿਪਾ ਧਾਰਿ ਜਗਜੀਵਨ ਰਖਿ ਲੇਵਹੁ ਸਰਨਿ ਪਰੇ ॥
ਨਾਨਕੁ ਜਨੁ ਤੁਮਰੀ ਸਰਨਾਈ ਹਰਿ ਰਾਖਹੁ ਲਾਜ ਹਰੇ ॥੪॥੧॥
*ਨਟ ਮਹਲਾ ੪ ॥*
ਰਾਮ ਜਪਿ ਜਨ ਰਾਮੈ ਨਾਮਿ ਰਲੇ ॥
ਰਾਮ ਨਾਮੁ ਜਪਿਓ ਗੁਰ ਬਚਨੀ ਹਰਿ ਧਾਰੀ ਹਰਿ ਕ੍ਰਿਪਲੇ ॥੧॥ ਰਹਾਉ ॥
ਹਰਿ ਹਰਿ ਅਗਮ ਅਗੋਚਰੁ ਸੁਆਮੀ ਜਨ ਜਪਿ ਮਿਲਿ ਸਲਲ ਸਲਲੇ ॥
ਹਰਿ ਕੇ ਸੰਤ ਮਿਲਿ ਰਾਮ ਰਸੁ ਪਾਇਆ ਹਮ ਜਨ ਕੈ ਬਲਿ ਬਲਲੇ ॥੧॥
ਪੁਰਖੋਤਮੁ ਹਰਿ ਨਾਮੁ ਜਨਿ ਗਾਇਓ ਸਭਿ ਦਾਲਦ ਦੁਖ ਦਲਲੇ ॥
ਵਿਚਿ ਦੇਹੀ ਦੋਖ ਅਸਾਧ ਪੰਚ ਧਾਤੂ ਹਰਿ ਕੀਏ ਖਿਨ ਪਰਲੇ ॥੨॥
ਹਰਿ ਕੇ ਸੰਤ ਮਨਿ ਪ੍ਰੀਤਿ ਲਗਾਈ ਜਿਉ ਦੇਖੈ ਸਸਿ ਕਮਲੇ ॥
ਉਨਵੈ ਘਨੁ ਘਨ ਘਨਿਹਰੁ ਗਰਜੈ ਮਨਿ ਬਿਗਸੈ ਮੋਰ ਮੁਰਲੇ ॥੩॥
ਹਮਰੈ ਸੁਆਮੀ ਲੋਚ ਹਮ ਲਾਈ ਹਮ ਜੀਵਹ ਦੇਖਿ ਹਰਿ ਮਿਲੇ ॥
ਜਨ ਨਾਨਕ ਹਰਿ ਅਮਲ ਹਰਿ ਲਾਏ ਹਰਿ ਮੇਲਹੁ ਅਨਦ ਭਲੇ ॥੪॥੨॥
*ਨਟ ਮਹਲਾ ੪ ॥*
ਮੇਰੇ ਮਨ ਜਪਿ ਹਰਿ ਹਰਿ ਨਾਮੁ ਸਖੇ ॥
976
ਗੁਰ ਪਰਸਾਦੀ ਹਰਿ ਨਾਮੁ ਧਿਆਇਓ ਹਮ ਸਤਿਗੁਰ ਚਰਨ ਪਖੇ ॥੧॥ ਰਹਾਉ ॥
ਊਤਮ ਜਗੰਨਾਥ ਜਗਦੀਸੁਰ ਹਮ ਪਾਪੀ ਸਰਨਿ ਰਖੇ ॥
ਤੁਮ ਵਡ ਪੁਰਖ ਦੀਨ ਦੁਖ ਭੰਜਨ ਹਰਿ ਦੀਓ ਨਾਮੁ ਮੁਖੇ ॥੧॥
ਹਰਿ ਗੁਨ ਊਚ ਨੀਚ ਹਮ ਗਾਏ ਗੁਰ ਸਤਿਗੁਰ ਸੰਗਿ ਸਖੇ ॥
ਜਿਉ ਚੰਦਨ ਸੰਗਿ ਬਸੈ ਨਿੰਮੁ ਬਿਰਖਾ ਗੁਨ ਚੰਦਨ ਕੇ ਬਸਖੇ ॥੨॥
ਹਮਰੇ ਅਵਗਨ ਬਿਖਿਆ ਬਿਖੈ ਕੇ ਬਹੁ ਬਾਰ ਬਾਰ ਨਿਮਖੇ ॥
ਅਵਗਨਿਆਰੇ ਪਾਥਰ ਭਾਰੇ ਹਰਿ ਤਾਰੇ ਸੰਗਿ ਜਨਖੇ ॥੩॥
ਜਿਨ ਕਉ ਤੁਮ ਹਰਿ ਰਾਖਹੁ ਸੁਆਮੀ ਸਭ ਤਿਨ ਕੇ ਪਾਪ ਕ੍ਰਿਖੇ ॥
ਜਨ ਨਾਨਕ ਕੇ ਦਇਆਲ ਪ੍ਰਭ ਸੁਆਮੀ ਤੁਮ ਦੁਸਟ ਤਾਰੇ ਹਰਣਖੇ ॥੪॥੩॥
*ਨਟ ਮਹਲਾ ੪ ॥*
ਮੇਰੇ ਮਨ ਜਪਿ ਹਰਿ ਹਰਿ ਰਾਮ ਰੰਗੇ ॥
ਹਰਿ ਹਰਿ ਕ੍ਰਿਪਾ ਕਰੀ ਜਗਦੀਸੁਰਿ ਹਰਿ ਧਿਆਇਓ ਜਨ ਪਗਿ ਲਗੇ ॥੧॥ ਰਹਾਉ ॥
ਜਨਮ ਜਨਮ ਕੇ ਭੂਲ ਚੂਕ ਹਮ ਅਬ ਆਏ ਪ੍ਰਭ ਸਰਨਗੇ ॥
ਤੁਮ ਸਰਣਾਗਤਿ ਪ੍ਰਤਿਪਾਲਕ ਸੁਆਮੀ ਹਮ ਰਾਖਹੁ ਵਡ ਪਾਪਗੇ ॥੧॥
ਤੁਮਰੀ ਸੰਗਤਿ ਹਰਿ ਕੋ ਕੋ ਨ ਉਧਰਿਓ ਪ੍ਰਭ ਕੀਏ ਪਤਿਤ ਪਵਗੇ ॥
ਗੁਨ ਗਾਵਤ ਛੀਪਾ ਦੁਸਟਾਰਿਓ ਪ੍ਰਭਿ ਰਾਖੀ ਪੈਜ ਜਨਗੇ ॥੨॥
ਜੋ ਤੁਮਰੇ ਗੁਨ ਗਾਵਹਿ ਸੁਆਮੀ ਹਉ ਬਲਿ ਬਲਿ ਬਲਿ ਤਿਨਗੇ ॥
ਭਵਨ ਭਵਨ ਪਵਿਤ੍ਰ ਸਭਿ ਕੀਏ ਜਹ ਧੂਰਿ ਪਰੀ ਜਨ ਪਗੇ ॥੩॥
ਤੁਮਰੇ ਗੁਨ ਪ੍ਰਭ ਕਹਿ ਨ ਸਕਹਿ ਹਮ ਤੁਮ ਵਡ ਵਡ ਪੁਰਖ ਵਡਗੇ ॥
ਜਨ ਨਾਨਕ ਕਉ ਦਇਆ ਪ੍ਰਭ ਧਾਰਹੁ ਹਮ ਸੇਵਹ ਤੁਮ ਜਨ ਪਗੇ ॥੪॥੪॥
*ਨਟ ਮਹਲਾ ੪ ॥*
ਮੇਰੇ ਮਨ ਜਪਿ ਹਰਿ ਹਰਿ ਨਾਮੁ ਮਨੇ ॥
ਜਗੰਨਾਥਿ ਕਿਰਪਾ ਪ੍ਰਭਿ ਧਾਰੀ ਮਤਿ ਗੁਰਮਤਿ ਨਾਮ ਬਨੇ ॥੧॥ ਰਹਾਉ ॥
ਹਰਿ ਜਨ ਹਰਿ ਜਸੁ ਹਰਿ ਹਰਿ ਗਾਇਓ ਉਪਦੇਸਿ ਗੁਰੂ ਗੁਰ ਸੁਨੇ ॥
ਕਿਲਬਿਖ ਪਾਪ ਨਾਮ ਹਰਿ ਕਾਟੇ ਜਿਵ ਖੇਤ ਕ੍ਰਿਸਾਨਿ ਲੁਨੇ ॥੧॥
ਤੁਮਰੀ ਉਪਮਾ ਤੁਮ ਹੀ ਪ੍ਰਭ ਜਾਨਹੁ ਹਮ ਕਹਿ ਨ ਸਕਹਿ ਹਰਿ ਗੁਨੇ ॥
ਜੈਸੇ ਤੁਮ ਤੈਸੇ ਪ੍ਰਭ ਤੁਮ ਹੀ ਗੁਨ ਜਾਨਹੁ ਪ੍ਰਭ ਅਪੁਨੇ ॥੨॥
ਮਾਇਆ ਫਾਸ ਬੰਧ ਬਹੁ ਬੰਧੇ ਹਰਿ ਜਪਿਓ ਖੁਲ ਖੁਲਨੇ ॥
ਜਿਉ ਜਲ ਕੁੰਚਰੁ ਤਦੂਐ ਬਾਂਧਿਓ ਹਰਿ ਚੇਤਿਓ ਮੋਖ ਮੁਖਨੇ ॥੩॥
ਸੁਆਮੀ ਪਾਰਬ੍ਰਹਮ ਪਰਮੇਸਰੁ ਤੁਮ ਖੋਜਹੁ ਜੁਗ ਜੁਗਨੇ ॥
ਤੁਮਰੀ ਥਾਹ ਪਾਈ ਨਹੀ ਪਾਵੈ ਜਨ ਨਾਨਕ ਕੇ ਪ੍ਰਭ ਵਡਨੇ ॥੪॥੫॥